SYL ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਉਜਾਗਰ ਹੋਈ: ਬ੍ਰਹਮਪੁਰਾ
ਤਰਨ ਤਾਰਨ 19 ਅਪ੍ਰੈਲ 2022 : ( ) ਸ਼੍ਰੋਮਣੀ ਅਕਾਲੀ ਦਲ ਦੇ ਉਪ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਵਲੋਂ ਐਸਵਾਈਐਲ ਦੇ ਬਿਆਨ ਤੇ ਨਿਖੇਧੀ ਕੀਤੀ ਹੈ ਅਤੇ ਇਸਨੂੰ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਸ ਬਿਆਨ ‘ਤੇ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਵੱਡਾ ਫ਼ਤਵਾ ਦਿੱਤਾ ਹੈ, ਇਸ ਲਈ ਆਮ ਆਦਮੀ ਪਾਰਟੀ ਨੂੰ ਪੰਜਾਬੀਆਂ ਨੂੰ ਧੋਖਾਂ ਨਹੀਂ ਦੇਣਾ ਚਾਹੀਦਾ। ਜਿਸ ਤਰ੍ਹਾਂ ਉਨ੍ਹਾਂ ਦੀ ਪਾਰਟੀ ਦੇ ਲੋਕ ਦੋਗਲੀ ਨੀਤੀ ‘ਤੇ ਚੱਲ ਰਹੇ ਹਨ, ਉਹ ਪੰਜਾਬੀਆਂ ਨਾਲ ਇੱਕ ਧੋਖੇਬਾਜ਼ੀ ਹੈ।
ਉਨ੍ਹਾਂ ਕਿਹਾ ਕਿ ਸਾਡੇ ਸੂਬੇ ਕੋਲ ਵਾਧੂ ਪਾਣੀ ਨਹੀਂ ਹੈ ਜਿਸਨੂੰ ਅਸੀਂ ਆਪਣੇ ਗੁਆਂਢੀ ਸੂਬਿਆਂ ਨਾਲ ਸਾਂਝਾ ਕਰ ਸਕੀਏ। ਪਰ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਦੇ ਅਜਿਹੇ ਬਿਆਨ ਇਹ ਸਾਬਤ ਕਰਦੇ ਹਨ ਕਿ ਕੇਜਰੀਵਾਲ ਭਾਜਪਾ ਦੀਆਂ ਲੀਹਾਂ ਉੱਤੇ ਚੱਲ ਰਹੇ ਹਨ ਅਤੇ ਐਸਵਾਈਐਲ ਪਾਣੀ ਦੀ ਵੰਡ ਕਰ ਰਹੇ ਹਨ ਜੋ ਸ਼੍ਰੋਮਣੀ ਅਕਾਲੀ ਦਲ ਕਦੇ ਬਰਦਾਸ਼ਤ ਨਹੀਂ ਕਰੇਗਾ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਸਿਆਸੀ ਪਾਰਟੀਆਂ ‘ਤੇ ਕਦੇ ਵੀ ਭਰੋਸਾ ਨਾ ਕਰਨ ਜੋ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਤਬਾਹ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀਆਂ ਹਨ।












