ਮੋਹਾਲੀ, 20 ਅਪ੍ਰੈਲ ()- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਸਰਕਾਰੀ ਦਬਾਅ ਅਧੀਨ ਆ ਕੇ ਕਾਂਗਰਸੀ ਵਰਕਰਾਂ ਰਵਿੰਦਰ ਸਿੰਘ ਸਫੀਪੁਰ, ਰਮਨਦੀਪ ਸਿੰਘ ਸਫੀਪੁਰ, ਸਿਮਰਨ ਸਿੰਘ ਅਤੇ ਦਿਲਪ੍ਰੀਤ ਸਿੰਘ ਖਿਲਾਫ ਦਰਜ ਕੀਤੇ ਝੂਠੇ ਪਰਚੇ ਰੱਦ ਨਾ ਕੀਤੇ ਤਾਂ ਉਨ੍ਹਾਂ ਨੂੰ ਮਜ਼ਬੂਰਨ ਆਉਂਦੇ ਦਿਨਾਂ ਵਿਚ ਮੋਹਾਲੀ ਅੰਦਰ ਚੱਕਾ ਜਾਮ ਕਰਨਾ ਪਵੇਗਾ। ਸਿੱਧੂ ਨੇ ਅੱਜ ਇਥੋਂ ਦੇ ਉਦਯੋਗਿਕ ਖੇਤਰ ਫੇਜ 1 ਵਿਖੇ ਕਾਂਗਰਸੀ ਵਰਕਰਾਂ ਅਤੇ ਪੰਚਾਂ ਸਰਪੰਚਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ।
ਮੀਟਿੰਗ ਦੌਰਾਨ ਬੋਲਦਿਆਂ ਸਿੱਧੂ ਨੇ ਕਿਹਾ ਕਿ ਆਪ ਸਰਕਾਰ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰਨਾ ਛੱਡ ਕੇ ਸੂਬੇ ਦੇ ਵਿਕਾਸ ਵੱਲ ਧਿਆਨ ਦੇਵੇ ਤਾਂ ਚੰਗਾ ਹੋਵੇਗਾ। ਜੇਕਰ ਕਿਸੇ ਵੀ ਕਾਂਗਰਸੀ ਵਰਕਰ ਨਾਲ ਸਰਕਾਰ ਵਲੋਂ ਕੋਈ ਵਧੀਕੀ ਕੀਤੀ ਜਾਵੇਗੀ ਤਾਂ ਉਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਰਕਾਰੀ ਜ਼ਬਰ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂ ਕਿ ਸਰਕਾਰੀ ਜ਼ਬਰ ਖਿਲਾਫ ਉਹ ਖੁਦ ਢਾਲ ਬਣ ਕੇ ਕਾਂਗਰਸੀ ਵਰਕਰਾਂ ਦੀ ਰਾਖੀ ਕਰਨਗੇ। ਉਨ੍ਹਾਂ ਮੌਜੂਦਾ ਸਰਕਾਰ ਦੇ ਇਕ ਮਹੀਨੇ ਦੇ ਕਾਰਜਕਾਲ ਨੂੰ ਬਿਲਕੁਲ ਫੇਲ੍ਹ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ ਪੰਜਾਬੀਆਂ ਨੂੰ ਠਿੱਬੀ ਲਾਉਣ ਦਾ ਹੀ ਕੰਮ ਕੀਤਾ ਹੈ। ਪਹਿਲਾਂ ਰਾਜਸਭਾ ਚੋਣ ਦੌਰਾਨ ਪੰਜਾਬ ਤੋਂ ਬਾਹਰਲੇ ਵਿਅਕਤੀਆਂ ਨੂੰ ਚੁਣਿਆ। ਫੇਰ ਬਿਜਲੀ ਗਾਰੰਟੀ ਨੂੰ ਲੈ ਕੇ ਆਪ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਆਇਆ। ਬਿਜਲੀ ਦੇ ਲੰਮੇ ਲੰਮੇ ਕੱਟਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ ਅਤੇ ਲੋਕਾਂ ਦੇ ਕਾਰੋਬਾਰ ਠੱਪ ਹੋਣ ਦੇ ਕੰਢੇ ਪੁੱਜ ਚੁਕੇ ਹਨ। ਹੁਣ ਆਪ ਪਾਰਟੀ ਦੇ ਸਾਂਸਦ ਐੱਸ.ਵਾਈ.ਐੱਲ ਨਹਿਰ ਦੇ ਹੱਕ ਵਿਚ ਬਿਆਨ ਦੇ ਕੇ ਪੰਜਾਬੀਆਂ ਦੇ ਜ਼ਖਮਾਂ ਉਤੇ ਲੂਣ ਸੁੱਟਣ ਦਾ ਕੰਮ ਰਹੇ ਹਨ। ਉਨ੍ਹਾਂ ਸਰਕਾਰ ਦੁਆਰਾ ਮੋਹਾਲੀ ਦੇ ਮੈਡੀਕਲ ਕਾਲਜ ਨੂੰ ਕਿਤੇ ਹੋਰ ਤਬਦੀਲ ਕਰਨ ਦੀਆਂ ਯੋਜਨਾਵਾਂ ਨੂੰ ਮੋਹਾਲੀ ਦੇ ਲੋਕਾਂ ਨਾਲ ਧੱਕਾ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਅਜਿਹਾ ਕੋਈ ਵੀ ਕਦਮ ਚੁੱਕਿਆ ਤਾਂ ਉਹ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਇਸ ਤਬਦੀਲੀ ਦਾ ਵਿਰੋਧ ਕਰਨਗੇ।
----------- Advertisement -----------
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ
Published on
----------- Advertisement -----------
----------- Advertisement -----------












