ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ‘ਤੇ ਦਰਜ ਕੇਸ ਨੂੰ ਲੈ ਕੇ ਪੰਜਾਬ ‘ਚ ਸਿਆਸੀ ਹਲਚਲ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸਮੁੱਚੀ ਪੰਜਾਬ ਕਾਂਗਰਸ ਹੁਣ ਕੁਮਾਰ ਅਤੇ ਲਾਂਬਾ ਦੇ ਹੱਕ ਵਿੱਚ ਨਿੱਤਰ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਡੀਜੀਪੀ ਨੂੰ ਇਸ ਕੇਸ ਨੂੰ ਰੱਦ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕੁਮਾਰ ਅਤੇ ਲਾਂਬਾ ਨੂੰ ਲੈ ਕੇ ਰੋਪੜ ਥਾਣੇ ਜਾਣਗੇ। ਦੋਵਾਂ ਨੂੰ ਪੁਲੀਸ ਨੇ ਸਬੂਤਾਂ ਸਮੇਤ 26 ਅਪਰੈਲ ਨੂੰ ਰੋਪੜ ਥਾਣੇ ਵਿੱਚ ਤਲਬ ਕੀਤਾ ਹੈ।
ਕਾਂਗਰਸ ਪ੍ਰਧਾਨ ਵੜਿੰਗ ਨੇ ਡੀਜੀਪੀ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਪਛਾਣ ਨਹੀਂ ਹੈ। ਇਸ ਤੋਂ ਸਾਫ਼ ਹੈ ਕਿ ਇਹ ਮਾਮਲਾ ਸਿਰਫ਼ ਨਿੱਜੀ ਬਦਲਾ ਲੈਣ ਲਈ ਦਰਜ ਕੀਤਾ ਗਿਆ ਹੈ। ਦੋਵਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ। ਇਹ ਬਿਆਨ ਦਿੱਲੀ ਵਿੱਚ ਵੀ ਦਿੱਤੇ ਗਏ ਸਨ। ਇਸ ਵਿੱਚ ਕੋਈ ਅਪਰਾਧ ਨਹੀਂ ਹੋਇਆ ਹੈ। ਅਜਿਹੇ ‘ਚ ਰੋਪੜ ‘ਚ ਮਾਮਲਾ ਦਰਜ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਬੌਸ ਨੂੰ ਖੁਸ਼ ਕਰਨ ਲਈ ਇਹ ਕੇਸ ਦਰਜ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।












