ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗ੍ਰਹਿ ਮੰਤਰੀ ਸ਼ਾਹ ਨਾਲ ਇਹ ਮੇਰੀ ਪਹਿਲੀ ਮੁਲਾਕਾਤ ਸੀ। ਜਿਸ ‘ਚ ਦੋਵਾਂ ਵਿਚਾਲੇ ਸਕਾਰਾਤਮਕ ਚਰਚਾ ਹੋਈ ਹੈ।

ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਵਿੱਚ ਨਫ਼ਰਤ ਦਾ ਬੀਜ ਨਹੀਂ ਬੀਜਣ ਦਵਾਂਗੇ। ਇਸ ਦੇ ਲਈ ਕੇਂਦਰ ਨੇ ਪਹਿਲਾਂ ਸਾਨੂੰ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਮੁਹੱਈਆ ਕਰਵਾਈਆਂ ਸਨ। ਅੱਜ ਦੀ ਮੀਟਿੰਗ ਤੋਂ ਬਾਅਦ ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਹੈ ਕਿ ਸ਼ਾਮ ਤੱਕ 10 ਹੋਰ ਕੰਪਨੀਆਂ ਨੂੰ ਪੰਜਾਬ ਭੇਜਣ ਦੇ ਆਦੇਸ਼ ਦਿੱਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਲਈ ਰਾਸ਼ਟਰੀ ਸੁਰੱਖਿਆ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਅਸੀਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਲਈ ਕੰਮ ਕਰਾਂਗੇ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਬੋਨਸ ਬਾਰੇ ਵੀ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਯੂਨੀਅਨ 500 ਰੁਪਏ ਪ੍ਰਤੀ ਏਕੜ ਦੀ ਮੰਗ ਕਰ ਰਹੀ ਹੈ। ਜਿੰਨਾ ਹੋ ਸਕੇ ਕੇਂਦਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਬਾਸਮਤੀ ‘ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦਾ ਪੁਰਾਣਾ ਕੋਟਾ ਬਹਾਲ ਕਰਨ ਦੀ ਮੰਗ ਕੀਤੀ ਗਈ।











