ਚੰਡੀਗੜ੍ਹ, 26 ਮਈ : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦਾ ‘ਦਿੱਲੀ ਮਾਡਲ’ ਪੇਸ਼ ਕਰਨ ਦੇ ਦਾਅਵਿਆਂ ਦਾ ਮਜ਼ਾਕ ਉਡਾਇਆ। NAS 2021 ਦੇ ਅਨੁਸਾਰ, ਦਿੱਲੀ ਦਾ ਪੰਜਾਬ ਦੇ ਮੁਕਾਬਲੇ ਵੱਖ-ਵੱਖ ਸ਼੍ਰੇਣੀਆਂ ਵਿੱਚ ਪ੍ਰਦਰਸ਼ਨ ਬਹੁਤ ਬੁਰਾ ਸੀ। ਉਨ੍ਹਾਂ ਕਿਹਾ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਕੂਲੀ ਬੱਚਿਆਂ ਦਾ ਦਿੱਲੀ ਦਾ ਬਹੁਤ ਪ੍ਰਚਾਰਿਆ ਮਾਡਲ ਜਿਸ ਨੂੰ ‘ਆਪ’ ਵੱਲੋਂ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਪ੍ਰਚਾਰ ਦੇ ਸਾਧਨ ਵਜੋਂ ਵਰਤਿਆ ਗਿਆ ਸੀ, ਪੂਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ।
ਭਗਵੰਤ ਮਾਨ ਨੂੰ ਇਸ ਤੱਥ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਪੰਜਾਬੀਆਂ ‘ਤੇ ਥੋਪਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਅਤੇ ਮੌਜੂਦਾ ਪੰਜਾਬ ਮਾਡਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ ਜਿਸ ਨੇ ਰਾਸ਼ਟਰੀ ਸਰਵੇਖਣ ਵਿੱਚ ਸੂਬੇ ਨੂੰ ਚੰਗਾ ਲਾਭ ਦਿੱਤਾ ਸੀ।
ਉਨ੍ਹਾਂ ਕਿਹਾ ਮੁੱਖ ਮੰਤਰੀ ਨੂੰ ਹੁਣ ਸਕੂਲੀ ਸਿੱਖਿਆ ਦੇ ਦਿੱਲੀ ਮਾਡਲ ਨੂੰ ਸਖ਼ਤੀ ਨਾਲ ਰੱਦ ਕਰਨਾ ਚਾਹੀਦਾ ਹੈ। ਸਰਵੇ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਨਾ ਸਿਰਫ ਦਿੱਲੀ ਨਾਲੋਂ ਬਹੁਤ ਅੱਛਾ ਪ੍ਰਦਰਸ਼ਨ ਕੀਤਾ ਹੈ, ਸਗੋਂ ਸਾਰੇ ਸੂਚਕਾਂ ‘ਤੇ ਰਾਸ਼ਟਰੀ ਔਸਤ ਨਾਲੋਂ ਵੀ ਬਿਹਤਰ ਪ੍ਰਦਰਸ਼ਨ ਕੀਤਾ ਹੈ। “ਕੀ ਸਿੱਖਿਆ ਦਾ ਅਸਫਲ ਮਾਡਲ ਇੱਕ ਸਫਲ ਮਾਡਲ ਦੀ ਥਾਂ ਲੈ ਸਕਦਾ ਹੈ?” ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਸਵਾਲ ਕੀਤਾ ਜੋ ਪੰਜਾਬ ‘ਚ ‘ਦਿੱਲੀ ਮਾਡਲ’ ਨੂੰ ਪੇਸ਼ ਕਰਨ ਦੀ ਬਾਰ ਬਾਰ ਗੱਲ ਕਰਦੀ ਹੈ।ਕਾਂਗਰਸ ਪਾਰਟੀ ਅਤੇ ਇਸ ਦੇ ਨੇਤਾਵਾਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣਾ ਨੁਕਸਾਨ ਕਰਨ ਲਈ ਸਭ ਕੁਝ ਕੀਤਾ ਅਤੇ ਅੱਜ ਆਪਣੀ ਹੋਂਦ ਨੂੰ ਬਚਾਉਣ ਲਈ ਮਸ਼ਕਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਰੇ ਮੋਰਚਿਆਂ ‘ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ, ਭਾਵੇਂ ਉਹ ਕੋਵਿਡ ਮਹਾਂਮਾਰੀ ਨਾਲ ਸਫ਼ਲਤਾਪੂਰਵਕ ਨਜਿੱਠਣਾ ਹੋਵੇ ਜਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਹੋਵੇ। “ਕਾਂਗਰਸ ਪਾਰਟੀ ਨੇ ਜਾਣਬੁੱਝ ਕੇ ਇਹਨਾਂ ਸਾਰੀਆਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕਰਨ ਦੀ ਚੋਣ ਕੀਤੀ ਅਤੇ ਇਸ ਦੀ ਬਜਾਏ ਇਹ ਦਾਅਵਾ ਕਰਨ ਦੀ ਕੋਸ਼ਿਸ਼ ਕੀਤੀ ਕਿ ਜਿਵੇਂ ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਹੀ ਸਭ ਕੁਝ 111 ਦਿਨਾਂ ਵਿੱਚ ਹੋ ਗਿਆ ਸੀ ਅਤੇ ਨਤੀਜਨ ਉਨ੍ਹਾਂ ਦੀ ਤਬਾਹੀ ਹੋਈ ਹੈ”, ਉਨ੍ਹਾਂ ਨੇ ਟਿੱਪਣੀ ਕੀਤੀ।












