ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਿਲੀ ਗੁਪਤ ਸੂਚਨਾ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਹੁਣ ਸਲਮਾਨ ਦੀ ਨਿੱਜੀ ਸੁਰੱਖਿਆ ਦੇ ਨਾਲ ਮੁੰਬਈ ਪੁਲਿਸ ਦੇ ਅੱਧੀ ਦਰਜਨ ਜਵਾਨ ਵੀ ਉੱਥੇ ਮੌਜੂਦ ਰਹਿਣਗੇ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁੰਡੇ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਇਸੇ ਗੈਂਗ ਨੇ ਕੁਝ ਸਾਲ ਪਹਿਲਾਂ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਦੇ ਮੱਦੇਨਜ਼ਰ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਮੁੰਬਈ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ, “ਅਸੀਂ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਉਨ੍ਹਾਂ ਦੇ ਅਪਾਰਟਮੈਂਟ ਦੇ ਆਲੇ-ਦੁਆਲੇ ਮੌਜੂਦ ਰਹੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਸਥਾਨ ਦਾ ਗਿਰੋਹ ਅੱਗੇ ਨਾ ਵਧੇ।” ਲਾਰੇਂਸ ਬਿਸ਼ਨੋਈ ਨੇ ਕਥਿਤ ਤੌਰ ‘ਤੇ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਨੂੰ ਪਵਿੱਤਰ ਮੰਨਦਾ ਹੈ ਅਤੇ ਇਸ ਦਾ ਸ਼ਿਕਾਰ ਕਰਨ ‘ਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।












