ਚੰਡੀਗੜ: ਐਤਵਾਰ ਯਾਨੀ ਕਿ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ’ਚ ਉਨ੍ਹਾਂ ਦੇ ਘਰ ਤੋਂ ਕੁਝ ਦੂਰੀ ’ਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ‘ਤੇ ਕਾਫੀ ਸਵਾਲ ਚੁਕੇ ਜਾ ਰਹੇ ਹਨ। ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ । ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਗੰਦੀ ਰਾਜਨੀਤੀ ਕਰ ਰਹੇ ਹਨ।
ਕੰਗ ਨੇ ਕਿਹਾ, ‘‘ਮਾਨ ਸਰਕਾਰ ਸਿੱਧੂ ਮੂਸੇਵਾਲਾ ਦੀ ਹੱਤਿਆ ’ਚ ਸ਼ਾਮਲ ਸਾਰੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਸਖ਼ਤ ਸਜ਼ਾ ਦੇਵੇਗੀ। ਇੱਕ ਵੀ ਦੋਸ਼ੀ ਬਚ ਨਹੀਂ ਸਕੇਗਾ। ਸਰਕਾਰ ਨੇ ਹੱਤਿਆ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕਰ ਦਿੱਤਾ ਹੈ। ਐਸ.ਆਈ.ਟੀ, ਸਥਾਨਕ ਪੁਲੀਸ ਅਤੇ ਹੋਰ ਜਾਂਚ ਏਜੰਸੀਆਂ ਲਗਾਤਾਰ ਇਸ ਮਾਮਲੇ ਦੇ ਸਬੂਤ ਇੱਕਠੇ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਖ਼ੁੱਦ ਵੀ ਇਸ ਮਾਮਲੇ ਦੀ ਰਿਪੋਰਟ ਲੈ ਰਹੇ ਹਨ। ਜਲਦੀ ਹੀ ਸਬੂਤਾਂ ਨਾਲ ਸਾਰੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਦੇ ਨਾਂ ਸਾਮਹਣੇ ਆ ਜਾਣਗੇ।’’
ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਇਨਾਂ ਗੈਂਗਸਟਰਾਂ ਨੂੰ ਜੜਾਂ ਤੋਂ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਸੂਬੇ ’ਚੋਂ ਕਰਾਇਮ, ਕਰੀਮੀਨਲ ਅਤੇ ਗੈਂਗਸਟਰ ਕਲਚਰ ਨੂੰ ਮਾਨ ਸਰਕਾਰ ਖ਼ਤਮ ਕਰਕੇ ਰਹੇਗੀ। ਪੰਜਾਬ ’ਚ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰਨ ਵਾਲਾ ਮਹੌਲ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਿ੍ਰੜ ਸਕੰਲਪ ਹੈ











