ਪੰਜਾਬ ਸਰਕਾਰ ਦੇ ਨਵੇਂ ਮੁੱਖ ਸਕੱਤਰ ਵੀਕੇ ਜੰਜੂਆ ਨੇ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਦੇ 41ਵੇਂ ਮੁੱਖ ਸਕੱਤਰ ਹਨ। ਉਨ੍ਹਾਂ ਨੂੰ ਮੰਗਲਵਾਰ ਰਾਤ ਨੂੰ ਹੀ ਸੀ.ਐਸ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਅਨਿਰੁਧ ਤਿਵਾੜੀ ਦੀ ਥਾਂ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ। ਜੰਜੂਆ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ।

ਜੰਜੂਆ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੇ ਕਾਰਜਕਾਲ ਦੌਰਾਨ,ਜੰਜੂਆ ਨੇ ਐਨ.ਆਈ.ਸੀ. ਦੀ ਮਦਦ ਨਾਲ ਇੱਕ ਸਾਫਟਵੇਅਰ ‘ਪ੍ਰੀਜ਼ਮ’ ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸ਼ਨ ਸ਼ੁਰੂ ਕੀਤੀ। ਉਨਾਂ ਨੇ ਪੰਜਾਬ ਵਿੱਚ ਸੌਖੇ ਢੰਗ ਨਾਲ ਕਾਰੋਬਾਰ ਕਰਨ ਦੀ ਸਹੂਲਤ ਨੂੰ ਸੁਧਾਰਨ ਦੇ ਨਾਲ-ਨਾਲ ਸੂਬੇ ਵਿੱਚ ਨਿਵੇਸ਼ ਦੇ ਮਾਹੌਲ ਨੂੰ ਸੁਧਾਰਨ ਲਈ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਸੇ ਤਰ੍ਹਾਂ ਉਨ੍ਹਾਂ ਨੇ ਮਾਲ ਵਿਭਾਗ ਵਿੱਚ ਬਤੌਰ ਵਿੱਤ ਕਮਿਸ਼ਨਰ ਮਾਲ ਵਜੋਂ ਕਈ ਮਹੱਤਵਪੂਰਨ ਪਹਿਲਕਦਮੀਆਂ ਵੀ ਕੀਤੀਆਂ। ਉਨ੍ਹਾਂ ਦੀ ਅਗਵਾਈ ਹੇਠ ਮਾਲ ਵਿਭਾਗ ਵਿੱਚ ਲਗਭਗ 15 ਦਿਨਾਂ ਵਿੱਚ ਲਗਭਗ 2.2 ਕਰੋੜ ਖਸਰਾ ਗਿਰਦਾਵਰੀ ਐਂਟਰੀਆਂ ਡਿਜੀਟਲ ਵਿਧੀ ਰਾਹੀਂ ਕੀਤੀਆਂ ਗਈਆਂ।












