ਸੁਲਤਾਨਪੁਰ ਲੋਧੀ (ਨਿਰਮਲ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22 ਵੀਂ ਵਰੇਗੰਢ ਵੱਡੇ ਪੱਧਰ ਤੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਵਰੇਗੰਢ ਦੀਆਂ ਤਿਆਰੀਆਂ ਜਾਰੀ ਹਨ । ਉਹਨਾਂ ਦੱਸਿਆ ਇਸ ਵਰੇਗੰਢ ਸਮਾਗਮ ਲਈ ਇਲਾਕੇ ਦੇ ਲੋਕਾਂ ਤੇ ਵੱਖ ਵੱਖ ਮਹਾਂਪੁਰਸ਼ਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਹਨਾਂ ਦੱਸਿਆ ਕਿ ਪਵਿੱਤਰ ਵੇਈਂ ਦੀ ਵਰੇਗੰਢ 17 ਜੁਲਾਈ ਨੂੰ ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈਂ ਕਿਨਾਰੇ ਧੂੰਮ ਧਾਮ ਨਾਲ ਮਨਾਈ ਜਾ ਰਹੀ ਹੈ , ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵੱਖ ਵੱਖ ਸਖਸ਼ੀਅਤਾਂ ਪੁੱਜ ਰਹੀਆਂ ਹਨ ।
ਸੰਤ ਸੀਚੇਵਾਲ ਨੇ ਦੱਸਿਆ ਕਿ 15 ਜੁਲਾਈ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 16 ਨੂੰ ਸਾਵਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ , ਜਿਸ ਦੌਰਾਨ ਵੱਖ ਵੱਖ ਉੱਚ ਕੋਟੀ ਦੇ ਰਾਗੀ ਜਥੇ ਰਬਾਬ ਨਾਲ ਗੁਰਬਾਣੀ ਦਾ ਨਿਰੋਲ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ । ਇਸਤੋਂ ਇਲਾਵਾ 17 ਜੁਲਾਈ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਜਾਵੇਗਾ , ਜਿਸ ਦੌਰਾਨ ਵੱਖ ਵੱਖ ਮਹਾਂਪੁਰਸ਼ਾਂ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਹੋਰ ਆਗੂ ਸਮਾਗਮ ਨੂੰ ਸੰਬੋਧਨ ਕਰਨਗੇ ।




