ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, “ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਜਿਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਸ ਦੇ ਸੰਪਰਕ ਵਿੱਚ ਰਹਿਣ ਕਾਰਨ ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਆਉਣ ਵਾਲੇ ਸਾਰੇ ਜਨਤਕ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਸਹੀ ਰਿਪੋਰਟ ਮਿਲਣ ਤੋਂ ਬਾਅਦ ਮੈਂ ਤੁਹਾਡੀ ਸੇਵਾ ਵਿੱਚ ਵਾਪਸ ਹਾਜ਼ਿਰ ਹੋਵਾਂਗਾ।”
ਇਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਕਰੋਨਾ ਹਾਲੇ ਪੂਰੀ ਤਰ੍ਹਾਂ ਗਿਆ ਨਹੀਂ ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ ਬੀਤੇ ਦਿਨ ਹਰਜੋਤ ਬੈਂਸ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਉਸਨੇ ਲਿਖਿਆ ਕਿ ਮੈਂ ਬਿਮਾਰ ਮਹਿਸੂਸ ਕਰ ਰਿਹਾ ਸੀ ਅਤੇ ਮੈਂ ਆਪਣਾ ਟੈਸਟ ਕਰਵਾਇਆ ਤਾਂ ਮੇਰੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਘਰ ਤੋਂ ਕੰਮ ਕਰਨਾ ਜਾਰੀ ਰੱਖਾਂਗਾ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਵੀ ਆਪਣੇ ਟੈਸਟ ਕਰਵਾਉਣ ਦੀ ਅਪੀਲ ਕੀਤੀ।












