ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਮੀਂਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਸੂਬੇ ਵਿੱਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਦੇ ਸਨਮੁਖ ਪਸ਼ੂ ਧਨ ਦੀ ਰਾਖੀ ਤੇ ਸਾਂਭ-ਸੰਭਾਲ ਲਈ ਰਾਜ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰ ਭੁੱਲਰ ਨੇ ਦੱਸਿਆ ਕਿ ਹੜ੍ਹਾਂ ਸਬੰਧੀ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2217083 ਹਫ਼ਤੇ ਦੇ ਸੱਤ ਦਿਨ ਸਵੇਰੇ 9:00 ਤੋਂ ਰਾਤ 9:00 ਵਜੇ ਤੱਕ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦੀ ਸਿੱਧੇ ਤੌਰ ‘ਤੇ ਨਿਗਰਾਨੀ ਲਈ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ (ਵਿਕਾਸ ਤੇ ਯੋਜਨਾ) ਨੂੰ ਪਾਬੰਦ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਵੀ ਇਕ-ਇੱਕ ਕੰਟਰੋਲ ਰੂਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੀ ਅਗਵਾਈ ਹੇਠ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦੀ ਕੀਤੀ ਜਾਵੇ ਅਤੇ ਸੰਭਾਵੀ ਹੜ੍ਹਾਂ ਸਬੰਧੀ ਹਰ ਸਥਿਤੀ ‘ਤੇ ਕਰੜੀ ਨਜ਼ਰ ਰੱਖੀ ਜਾਵੇ।
ਪਸ਼ੂ ਪਾਲਣ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਭਾਵੀ ਹੜ੍ਹਾਂ ਦੌਰਾਨ ਪਸ਼ੂਆਂ ਵਿੱਚ ਕਿਸੇ ਬੀਮਾਰੀ ਦੇ ਫੈਲਣ ਬਾਰੇ ਜਾਣਕਾਰੀ ਦੇਣ ਲਈ ਜੁਆਇੰਟ ਡਾਇਰੈਕਟਰ ਉੱਤਰ ਖੇਤਰੀ ਰੋਗ ਨਿਵਾਰਨ ਲੈਬਾਰਟਰੀ (ਐਨ.ਆਰ.ਡੀ.ਡੀ.ਐਲ) ਜਲੰਧਰ ਵਿਖੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-2242335 ‘ਤੇ ਤੁਰੰਤ ਸੰਪਰਕ ਕੀਤਾ ਜਾਵੇ। ਭੁੱਲਰ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨਾਲ ਮੀਟਿੰਗ ਦੌਰਾਨ ਕਿਹਾ ਕਿ ਵਿਭਾਗ ਵੱਲੋਂ ਪਸ਼ੂਆਂ ਨੂੰ ਗਲ-ਘੋਟੂ ਰੋਗ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਐਚ.ਐਸ. ਵੈਕਸੀਨ ਟੀਕਾਕਰਨ ਮੁਹਿੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।












