ਅਬੋਹਰ, 14 ਅਗਸਤ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨਾਲ ਧੋਖਾ ਕਰਨ ਅਤੇ ਉਸ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਸੁਨੀਲ ਜਾਖੜ ਦੀ ਨਿਖੇਧੀ ਕੀਤੀ ਹੈ। ਇੱਥੇ ਛੇ ਰੋਜ਼ਾ ਤਿਰੰਗਾ ਯਾਤਰਾ ਦੇ ਆਖ਼ਰੀ ਪੜਾਅ ’ਤੇ ਇੱਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਜਾਖੜ ਦੇ ਭਤੀਜੇ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਸੰਦੀਪ ਜਾਖੜ ਨੂੰ ਅਬੋਹਰ ਵਿੱਚ ਉਨ੍ਹਾਂ ਦੀ ਹਮਾਇਤ ਦਾ ਇੰਨਾ ਭਰੋਸਾ ਹੈ ਤਾਂ ਉਹ ਪਾਰਟੀ ਤੋਂ ਅਸਤੀਫ਼ਾ ਦੇ ਕੇ ਮੁੜ ਚੋਣ ਕਿਉਂ ਨਹੀਂ ਲੜਦੇ।

ਸੂਬਾ ਕਾਂਗਰਸ ਪ੍ਰਧਾਨ ਨੇ ਤਿਰੰਗਾ ਯਾਤਰਾ ਦੌਰਾਨ ਪਾਰਟੀ ਵਰਕਰਾਂ ਵੱਲੋਂ ਮਿਲੇ ਸ਼ਾਨਦਾਰ ਸਮਰਥਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਪਬਲਿਕ ਮੀਟਿੰਗ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਾਰਟੀ ਅਤੇ ਦੇਸ਼ ਪ੍ਰਤੀ ਤੁਹਾਡੀ ਵਫ਼ਾਦਾਰੀ ਨੂੰ ਸਲਾਮ ਕਰਦੇ ਹਨ। ਉਨ੍ਹਾਂ ਅਬੋਹਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਦੋਹਰੀ ਖੁਸ਼ੀ ਦੀ ਗੱਲ ਹੈ ਕਿਉਂਕਿ ਅੱਜ ਦੇਸ਼ ਦਾ 75ਵਾਂ ਆਜ਼ਾਦੀ ਦਿਹਾੜਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਜਾਖੜਾਂ ਤੋਂ ਵੀ ਆਜ਼ਾਦੀ ਮਿਲੀ ਹੈ, ਨਹੀਂ ਤਾਂ ਉਨ੍ਹਾਂ ਨੇ ਇੱਥੇ ਕਾਂਗਰਸ ਪਾਰਟੀ ‘ਤੇ ਕਬਜ਼ਾ ਕਰ ਲਿਆ ਹੁੰਦਾ, ਜਿਵੇਂ ਕਿ ਜੀਵਨ ਭਰ ਲਈ ਇਕਰਾਰਨਾਮਾ ਪ੍ਰਾਪਤ ਕੀਤਾ ਹੋਵੇ।
ਉਨ੍ਹਾਂ ਨੇ ਸੁਤੰਤਰਤਾ ਦਿਵਸ ਨੂੰ ਲੈ ਕੇ ਪੱਖਪਾਤੀ ਹੋਣ ਲਈ ਭਾਰਤੀ ਜਨਤਾ ਪਾਰਟੀ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿਧਾਂਤਕ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਬ ਪਾਰਟੀ ਮੀਟਿੰਗ ਸੱਦ ਕੇ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਕੌਮੀ ਪ੍ਰੋਗਰਾਮ ਦਾ ਐਲਾਨ ਕਰਨਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਭਾਜਪਾ ਸਮਝਦੀ ਹੈ ਕਿ ਰਾਸ਼ਟਰਵਾਦ ਤੇ ਉਸਦਾ ਵਿਸ਼ੇਸ਼ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਦੇ ਵੀ ਦੇਸ਼ ਅਤੇ ਰਾਸ਼ਟਰਵਾਦ ਲਈ ਕਾਂਗਰਸ ਦੀ ਕੁਰਬਾਨੀ ਦੀ ਬਰਾਬਰੀ ਨਹੀਂ ਕਰ ਸਕਦੀ।
ਅੱਜ ਪੰਜਾਬ ਭਰ ਵਿੱਚ 6 ਰੋਜ਼ਾ ਤਿਰੰਗਾ ਯਾਤਰਾ ਸੰਪੰਨ ਹੋਈ। ਪਾਰਟੀ ਆਗੂਆਂ ਨੇ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਦੀ ਯਾਦ ਵਿੱਚ ਹਰ ਜ਼ਿਲ੍ਹੇ ਵਿੱਚ 75 ਕਿਲੋਮੀਟਰ ਦੀ ਯਾਤਰਾ ਕੱਢੀ। ਯਾਤਰਾ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਭਰਵਾਂ ਸਮਰਥਨ ਮਿਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਬੋਹਰ ਵਾਸੀਆਂ ਦਾ ਕਾਂਗਰਸ ਪ੍ਰਤੀ ਵਫ਼ਾਦਾਰੀ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨਾਲ ਧੋਖਾ ਕਰਨ ਵਾਲਿਆਂ ਨੂੰ ਜਲਦੀ ਹੀ ਆਪਣੀ ਗਲਤੀ ਦਾ ਅਹਿਸਾਸ ਹੋਵੇਗਾ, ਕਿਉਂਕਿ ਉਨ੍ਹਾਂ ਨੂੰ ਕਿਤੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਵਰਕਰ ਦਾ ਸਾਥ ਦਿੱਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੀ ਹਾਜ਼ਰ ਸਨ।












