ਲੁਧਿਆਣਾ 19 ਦਸੰਬਰ 2021 – ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ ਜਿਸ ਬੱਤੀ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ ਜਿਸ ਦੀ ਵਿੱਚ ਵਿਸ਼ੇਸ਼ ਤੌਰ ਤੇ ਬਲਬੀਰ ਸਿੰਘ ਰਾਜੇਵਾਲ ਹਰਮੀਤ ਸਿੰਘ ਕਾਦੀਆਂ ਦੇ ਸਣੇ ਹੋਰ ਕਈ ਵੱਡੇ ਕਿਸਾਨ ਲੀਡਰ ਪਹੁੰਚੇ। ਪਰ ਇਸ ਦੌਰਾਨ ਚੋਣਾਂ ਵਿੱਚ ਹਿੱਸਾ ਲੈਣ ਸਬੰਧੀ ਕਿਸਾਨ ਇਕਮਤ ਨਹੀਂ ਵਿਖਾਈ ਦਿੱਤੇ। ਕਿਸਾਨਾਂ ਨੇ ਕਿਹਾ ਕਿ ਅਗਲੀ ਬੈਠਕ ਵਿੱਚ ਉਹ ਫੈਸਲਾ ਕਰਨਗੇ।
ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਹੋਈ ਮੀਟਿੰਗ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ, ਇਸ ਲਈ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਸਿਆਸੀ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਕਿਸਾਨ ਕੋਈ ਪਾਰਟੀ ਨਹੀਂ ਬਣਾਉਣਗੇ ਅਤੇ ਨਾ ਹੀ ਕਿਸੇ ਪਾਰਟੀ ਦਾ ਸਮਰਥਨ ਕਰਨਗੇ।
ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਜਾਰੀ ਰਹੇਗਾ। ਅਸੀਂ ਸੰਘਰਸ਼ ਮੁਲਤਵੀ ਕੀਤਾ ਹੈ, ਖਤਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਐਲਾਨਾਂ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਇਸ ਲਈ ਪੰਜਾਬ ਸਰਕਾਰ ਖਿਲਾਫ ਵੀ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਤੋਂ ਪਹਿਲਾਂ ਕਿਸਾਨਾਂ ਨਾਲ ਮਜ਼ਦੂਰਾਂ ਨਾਲ ਮੁਲਾਜ਼ਮਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਉਹ ਸਾਰਿਆਂ ਦਾ ਪੂਰਨ ਕਰਜ਼ਾ ਮੁਆਫ ਕਰਨਗੇ ਪਰ ਹਾਲੇ ਤੱਕ ਕਰਜ਼ਾ ਮੁਆਫ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਇਕ ਇਕ ਦਹਾਕੇ ਤੋਂ ਵੱਧ ਦਾ ਸਮਾਂ ਨੌਕਰੀ ਕਰਦੇ ਹੋ ਗਿਆ ਹੈ ,ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ । ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਬੈਠਕ ਚ ਇਹ ਮੰਗਾਂ ਨਾ ਮੰਨੀਆਂ ਤਾਂ ਜੇਕਰ ਲੋੜ ਪਈ ਤਾਂ ਪ੍ਰਦਰਸ਼ਨ ਵੀ ਹੋਣਗੇ।
ਇਹ ਬੈਠਕ ਕਰੀਬ ਚਾਰ ਘੰਟੇ ਚੱਲੀ। ਇਸ ਦੌਰਾਨ ਕਾਫੀ ਦੇਰ ਤੱਕ ਅੰਦਰੋਂ ਉੱਚੀ ਆਵਾਜ਼ ਵਿੱਚ ਆਗੂਆਂ ਦੇ ਝਗੜੇ ਦੀਆਂ ਆਵਾਜ਼ਾਂ ਆਉਂਦੀਆਂ ਰਹੀਆਂ। ਕੁਝ ਲੋਕ ਸਿਆਸੀ ਪਾਰਟੀ ਬਣਾਉਣ ਦੀ ਗੱਲ ਕਰ ਰਹੇ ਸਨ ਪਰ ਵੱਡੀ ਗਿਣਤੀ ਆਗੂਆਂ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੰਘਰਸ਼ ਅਜੇ ਵੀ ਜਾਰੀ ਹੈ ਅਤੇ ਇਸ ਦੌਰਾਨ ਸਿਆਸਤ ਦੀ ਕੋਈ ਗੱਲ ਨਹੀਂ ਹੋਣੀ ਚਾਹੀਦੀ। ਜਿਸ ਲਈ ਸਭ ਨੇ ਸਹਿਮਤੀ ਜਤਾਈ ਹੈ।
ਮੀਟਿੰਗ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਜਦੋਂ ਖੇਤੀ ਕਾਨੂੰਨਾਂ ਬਾਰੇ ਆਰਡੀਨੈਂਸ ਲਿਆਂਦਾ ਗਿਆ ਸੀ। ਉਦੋਂ ਤੋਂ ਹੀ ਕਿਸਾਨਾਂ ਦੀ ਏਕਤਾ ਹੈ ਅਤੇ ਉਹ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਸੰਘਰਸ਼ ਜਾਰੀ ਰਹੇਗਾ। ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਇਹ ਹੁਣ ਕੇਂਦਰ ਨਾਲ ਗੱਲਬਾਤ ਕਰੇਗੀ।












