ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਲ ਸ੍ਰੀ ਦਰਬਾਰ ਸਾਹਿਬ ਵਿਚ ਇਕ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡੀ ਸਾਜ਼ਿਸ਼ ਦੱਸਿਆ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਮੁਲਜ਼ਮ ਸਵੇਰੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਚ ਦਾਖ਼ਲ ਹੋ ਗਿਆ ਸੀ। ਮੁਲਜ਼ਮ ਲਗਭਗ 7 ਘੰਟੇ ਦੇ ਕਰੀਬ ਦਰਬਾਰ ਸਾਹਿਬ ਵਿਚ ਰਿਹਾ। ਇਹ ਘਟਨਾ ਦੀ ਸੀ. ਸੀ. ਟੀ. ਵੀ. ਦੇਖਣ ਤੋਂ ਬਾਅਦ ਸਾਫ ਪਤਾ ਲੱਗਦਾ ਹੈ ਕਿ ਮੁਲਜ਼ਮ ਬੇਅਦਬੀ ਦੀ ਮਨਸ਼ਾ ਨਾਲ ਹੀ ਆਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਮੁਲਜ਼ਮ ਕੋਲੋਂ ਨਾ ਤਾਂ ਕੋਈ ਮੋਬਾਇਲ ਬਰਾਮਦ ਹੋਇਆ ਹੈ ਅਤੇ ਨਾ ਹੀ ਕੋਈ ਆਈ. ਡੀ. ਪਰੂਫ ਜਿਸ ਨਾਲ ਉਸ ਦੀ ਸ਼ਨਾਖਤ ਕੀਤੀ ਜਾ ਸਕੇ।

ਰੰਧਾਵਾ ਨੇ ਕਿਹਾ ਕਿ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼, ਫਿਰ ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਸਰਵੋਰ ਵਿਚ ਸੁੱਟਣਾ, ਇਸ ਦਰਮਿਆਨ ਕੱਲ੍ਹ ਸਵੇਰੇ ਡਰੋਨ ਦਾ ਫੜਿਆ ਜਾਣਾ ਅਤੇ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਘਟਨਾ ਵਾਪਰਨੀ ਕਿਤੇ ਨਾ ਕਿਤੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਨਾਲ ਇੰਟੈਲੀਜੈਂਸ ਵਿੰਗ ਬਨਾਉਣ ਦੀ ਚਰਚਾ ਕੀਤੀ ਜਾਵੇਗੀ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ, ਜਿਸ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ 11 ਵਜੇ ਦੇ ਕਰੀਬ ਦਰਬਾਰ ਸਾਹਿਬ ਵਿਚ ਦਾਖਲ ਹੋਇਆ ਅਤੇ ਇੰਨਾ ਲੰਮਾ ਸਮਾਂ ਦਰਬਾਰ ਸਾਹਿਬ ’ਚ ਹੀ ਰਿਹਾ, ਪਹਿਲਾਂ ਉਸ ਨੇ ਸਾਰੇ ਹਾਲਾਤ ਦੀ ਸਮੀਖਿਆ ਕੀਤੀ। ਸੀ. ਸੀ. ਟੀ. ਵੀ. ਵਿਚ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਇਕੱਲਾ ਹੀ ਆਇਆ ਸੀ। ਫਿਲਹਾਲ ਪੁਲਸ ਵਲੋਂ ਸਾਰੇ ਰਸਤਿਆਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਲੱਗੇ ਕੈਮਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।











