ਕਾਂਗਰਸ ’ਚ ਇੱਕ ਦੂਜੇ ਤੇ ਸ਼ਬਦੀ ਵਾਰ ਕਰਨ ਦਾ ਸਿਲਸਿਲਾ ਜਾਰੀ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਬੀਤੇ ਦਿਨ ਵੱਡਾ ਸ਼ਬਦੀ ਹਮਲਾ ਕਰ ਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਸੂਤੇ ਘਿਰਦੇ ਨਜ਼ਰ ਆ ਰਹੇ ਹਨ। ਪਹਿਲਾਂ ਸਿੱਧੂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਰਾਣਾ ਗੁਰਜੀਤ ਨੂੰ ਘੇਰਿਆ ਸੀ ਤੇ ਹੁਣ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਨੇ ਰਾਣਾ ਗੁਰਜੀਤ ਸਿੰਘ ਨੂੰ ਘੇਰਦਿਆਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸ ਪਾਰਟੀ ਨਾਲ ਇੰਨਾ ਹੀ ਪਿਆਰ ਹੈ ਤਾਂ ਉਹ ਆਪਣੀ ਕਪੂਰਥਲਾ ਸੀਟ ਆਪਣੇ ਪੁੱਤਰ ਲਈ ਛੱਡ ਦੇਣ।

ਉਨ੍ਹਾਂ ਰਾਣਾ ਗੁਰਜੀਤ ਸਿੰਘ ’ਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਦੋਆਬਾ ਦੀਆਂ 10 ਤੋਂ ਵੱਧ ਸੀਟਾਂ ’ਤੇ ਕਾਂਗਰਸ ਨੂੰ ਦੋਫਾੜ ਕੀਤਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ’ਤੇ ਬਿਆਨਬਾਜ਼ੀ ਕਰਦਿਆਂ ਤਿੱਖੇ ਤੰਜ਼ ਕੱਸੇ ਸਨ ਤੇ ਵੱਡੇ ਇਲਜ਼ਾਮ ਲਾਏ ਸਨ। ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੱਧੂ ਸਿਰਫ਼ ਮੁੱਖ ਮੰਤਰੀ ਬਣਨ ਦੀ ਇੱਛਾ ਲੈ ਕੇ ਹੀ ਕਾਂਗਰਸ ’ਚ ਆਏ ਹਨ, ਜਦਕਿ ਉਹ ਜਨਮ ਤੋਂ ਹੀ ਕਾਂਗਰਸੀ ਹਨ। ਰਾਣਾ ਗੁਰਜੀਤ ਸਿੰਘ ਨੇ ਪਾਰਟੀ ਅੰਦਰ ਦੋਫਾੜ ਪੈਦਾ ਕਰਨ ਦੇ ਯਤਨਾਂ ਲਈ ਵੀ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ’ਤੇ ਲਿਆ।












