ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ “ ਬਿਕਰਮ ਸਿੰਘ ਮਜੀਠੀਆ ਵਿਰੁੱਧ ਝੂਠੇ ਕੇਸ ਦੀ ਚੁਣੌਤੀ ਨੂੰ ਸਵੀਕਾਰ ਕਰਦੀ ਹੈ, ਅਤੇ ਚੇਤਾਵਨੀ ਦਿੰਦੀ ਹੈ ਕਿ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ ਵਾਲੇ ਅਤੇ ਸੂਬੇ ਨਾਲ ਖਿਲਵਾੜ ਕਰਨ ਵਾਲੇ ਕਾਨੂੰਨੀ ਨਤੀਜਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ।”

ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੀ ਬਹੁਤ ਹੇਠਲੇ ਦਰਜੇ ਦੀ ਹੈ। ਇਸ ਤੋਂ ਕਿਸੇ ਵੀ ਸਿੱਟੇ ਦੀ ਆਸ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਸਬੰਧ ਵਿਚ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਗਠਤ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇੱਕ ਕਮੇਟੀ ਦਾ ਗਠਨ ਕੀਤਾ ਹੈ, ਕਿਉਂਕਿ ਬੇਅਦਬੀ ਦੀ ਘਟਨਾ ਨੂੰ ਚਾਰ ਦਿਨ ਹੋ ਗਏ ਹਨ ਅਤੇ ਪੁਲਸ ਨੂੰ ਅਜੇ ਤੱਕ ਜਾਂਚ ਦੇ ਨਾਂ ‘ਤੇ ਕੁਝ ਵੀ ਪਤਾ ਨਹੀਂ ਲੱਗਾ। ਪੁਲਸ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ।
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਪਵਿੱਤਰ ਅਸਥਾਨ ਹੈ ਜਿੱਥੇ ਹਰ ਧਰਮ ਦੇ ਲੋਕ ਮੱਥਾ ਟੇਕਣ ਲਈ ਆਉਂਦੇ ਹਨ। ਇਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਅਸਥਾਨ ਹੈ।ਪਰ ਕੋਈ ਸਪੱਸ਼ਟ ਤੌਰ ‘ਤੇ ਇਸ ਤੋਂ ਖੁਸ਼ ਨਹੀਂ ਹੈ ਅਤੇ ਇਸ ਪਵਿੱਤਰ ਆਦਰਸ਼ ਦੇ ਵਿਰੁੱਧ ਅਤੇ ਪੰਜਾਬ ਦੀ ਸ਼ਾਂਤੀ ਦੇ ਵਿਰੁੱਧ ਸਾਜ਼ਿਸ਼ ਕਰ ਰਿਹਾ ਹੈ ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹਾ ਕਰਕੇ ਸਿੱਖ ਪੰਥ ਨੂੰ ਕਾਬੂ ’ਚ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਨੇ ਕਿਹਾ ਕਿ ਰਾਹੁਲ ਗਾਂਧੀ ਉਸ ਪਰਿਵਾਰ ਦਾ ਹਿੱਸਾ ਹੈ, ਜਿਸ ਨੇ ਹਮਲਾ ਕਰਵਾਇਆ ਹੈ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ’ਚ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਨ੍ਹਾਂ ਨੇ ਹਰੇਕ ਮੁੱਦੇ ’ਤੇ ਸਿਆਸਤ ਕੀਤੀ ਅਤੇ ਹੁਣ ਇਹ ਡਰੱਗ ਦੇ ਮੁੱਦੇ ’ਤੇ ਵੀ ਸਿਆਸਤ ਕਰ ਰਹੇ ਹਨ।
ਬਾਦਲ ਨੇ ਕਿਹਾ ਕਿ ਜਿਸ ਕੇਸ ਵਿੱਚ ਮਜੀਠੀਆ ਨੂੰ ਝੂਠਾ ਫਸਾਇਆ ਗਿਆ ਹੈ, ਉਸ ਦਾ ਫੈਸਲਾ ਯੋਗ ਅਦਾਲਤਾਂ ਵੱਲੋਂ ਲੰਮੇ ਸਮੇਂ ਤੋਂ ਕੀਤਾ ਜਾ ਚੁੱਕਾ ਹੈ ਅਤੇ ਦੋਸ਼ੀ ਪਹਿਲਾਂ ਹੀ ਸਜ਼ਾਵਾਂ ਭੁਗਤ ਰਹੇ ਹਨ।ਕਾਂਗਰਸ ਸਰਕਾਰ ਨੇ ਸਾਰੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ ਅਤੇ ਪੰਜਾਬ ਦੇ ਅੱਜ ਦੇ ਸਭ ਤੋਂ ਸੰਵੇਦਨਸ਼ੀਲ ਮੁੱਦੇ ‘ਤੇ ਰਾਜਨੀਤੀ ਕਰਨ ਲਈ ਕਾਨੂੰਨ ਦੇ ਰਾਜ ਨੂੰ ਹਵਾ ਵਿਚ ਸੁੱਟ ਦਿੱਤਾ ਹੈ। ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਅਥਾਰਟੀ ਦੀ ਦੁਰਵਰਤੋਂ ਅਤੇ ਕਾਨੂੰਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ੀ ਇਸ ਦੀ ਕੀਮਤ ਚੁਕਾਉਣ ਲਈ ਤਿਆਰ ਰਹਿਣ।”












