ਪਟਿਆਲਾ, 28 ਸਤੰਬਰ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਅੱਜ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਕਲਾਬੀ ਨੌਜਵਾਨ ਸਭਾ ਦੇ ਸਹਿਯੋਗ ਨਾਲ ਇੱਥੇ ਘਲੋੜੀ ਗੇਟ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬੁੱਤ ਅਤੇ ਤਸਵੀਰ ਸਾਹਮਣੇ ਗਾਰਡ ਆਫ਼ ਆਨਰ ਭੇਟ ਕਰਕੇ ਸਲਾਮੀ ਦਿੱਤੀ ਗਈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਡੀਓ ਸੁਨੇਹਾ ਚਲਾਕੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਰੋਲ ਮਾਡਲ ਹਨ। ਜੌੜਾਮਾਜਰਾ ਨੇ ਕਿਹਾ, ”ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ, ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਪਰ ਚੱਲਦੇ ਹੋਏ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ।”
ਇਸ ਮੌਕੇ ਮੌਜੂਦ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਦਿੱਤੀਆਂ ਕੁਰਬਾਨੀਆਂ ਅਜਾਂਈ ਨਹੀਂ ਜਾਣਗੀਆਂ ਅਤੇ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਪਨੇ ਜਰੂਰ ਸਾਕਾਰ ਕਰੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸੋਸ਼ਲਿਸਟ ਸਮਾਜ ਦਾ ਸਿਧਾਂਤ ਦਿੱਤਾ, ਜਿਸ ਨਾਲ ਗਰੀਬ ਤੋਂ ਗਰੀਬ ਆਜ਼ਾਦੀ ਮਾਣ ਸਕੇ ਅਤੇ ਆਜ਼ਾਦੀ ਦੇ 75 ਵਰ੍ਹਿਆਂ ਬਾਅਦ ਸ਼ਹੀਦਾਂ ਦੇ ਸੁਪਨੇ ਸਾਕਾਰ ਹੁੰਦੇ ਜਾਪ ਰਹੇ ਹਨ।











