ਨਵੀਂ ਦਿੱਲੀ: 23 ਦਸੰਬਰ 2021 – ਤਖ਼ਤ ਪਟਨਾ ਸਾਹਿਬ ਵਿਖੇ 7 ਤੋਂ 9 ਜਨਵਰੀ ਤੱਕ ਮਨਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅਤੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜੱਥੇਦਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਖ਼ਤ ਪਟਨਾ ਸਾਹਿਬ ‘ਤੇ 7 ਤੋਂ 9 ਜਨਵਰੀ ਤੱਕ ਮਨਾਏ ਜਾਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ‘ਤੇ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਗ੍ਰਹਿ ਮੰਤਰੀ ਨੂੰ ਤਖ਼ਤ ਸਾਹਿਬ ਦੀ ਕਮੇਟੀ ਵੱਲੋਂ ਸ਼ਾਲ, ਸਿਰੋਪਾਓ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਤਖ਼ਤ ਸਾਹਿਬ ਦਾ ਸਿਰੋਪਾਓ ਵੀ ਭੇਟ ਕੀਤਾ ਗਿਆ। ਜਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਦਾ ਸੱਦਾ ਪ੍ਰਵਾਨ ਕਰ ਲਿਆ ਹੈ ਅਤੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।
ਜਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਤਖ਼ਤ ਸਾਹਿਬ ਕਮੇਟੀ ਦੇ ਸਮੂਹ ਅਹੁਦੇਦਾਰ ਜਗਜੋਤ ਸਿੰਘ ਸੋਹੀ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਬੰਸ ਸਿੰਘ ਖਨੂਜਾ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਕਰ ਰਹੇ ਹਨ। ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਪੁੱਜ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਲੰਗਰ ਆਦਿ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਲਈ ਕਮੇਟੀ ਨੂੰ ਬਿਹਾਰ ਸਰਕਾਰ ਅਤੇ ਪ੍ਰਸ਼ਾਸਨ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।












