- CM ਚੰਨੀ ਨੇ ਕਿਹਾ-ਸਰਕਾਰ ਅਲਰਟ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਲੁਧਿਆਣਾ, 23 ਦਸੰਬਰ 2021 – ਕਚਹਿਰੀ ਕੰਪਲੈਕਸ ਵਿੱਚ ਹੋਏ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਜਨਤਕ ਥਾਵਾਂ ‘ਤੇ ਸੁਰੱਖਿਆ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਲੁਧਿਆਣਾ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਸਥਿਤੀ ਦਾ ਜਾਇਜ਼ਾ ਲੈਣਗੇ।
ਸੀਐਮ ਚੰਨੀ ਨੇ ਕਿਹਾ ਕਿ ਮੈਂ ਲੁਧਿਆਣਾ ਜਾ ਕੇ ਦੇਖਾਂਗਾ ਕਿ ਧਮਾਕਾ ਕਿਵੇਂ ਹੋਇਆ। ਚੋਣਾਂ ਨੇੜੇ ਆਉਂਦੇ ਹੀ ਕੁਝ ਵੀ ਕੀਤਾ ਜਾ ਸਕਦਾ ਹੈ। ਬੇਅਦਬੀ ਦੀ ਕੋਸ਼ਿਸ਼ ਕਾਮਯਾਬ ਨਾ ਹੋਈ ਤਾਂ ਹੁਣ ਹੋ ਗਿਆ ਧਮਾਕਾ। ਸਰਕਾਰ ਇਸ ਗੱਲ ਤੋਂ ਜਾਣੂ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਜਾਣਕਾਰੀ ਮੁਤਾਬਕ ਇਹ ਧਮਾਕਾ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਹੋਇਆ। ਧਮਾਕੇ ਨਾਲ ਬਾਥਰੂਮ ਦੀ ਕੰਧ ਢਹਿ ਗਈ ਅਤੇ ਕੰਧ ਦਾ ਮਲਬਾ ਹੇਠਾਂ ਖੜ੍ਹੇ ਵਾਹਨਾਂ ‘ਤੇ ਡਿੱਗ ਗਿਆ, ਜਿਸ ਨਾਲ ਉਨ੍ਹਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਇਸ ਦੇ ਨਾਲ ਹੀ ਇਸ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ।
ਉਥੇ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 12.15 ਵਜੇ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਦੂਸਰੀ ਮੰਜ਼ਿਲ ਦੇ ਪਬਲਿਕ ਟਾਇਲਟ ‘ਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਘਟਨਾ ਦਾ ਪਤਾ ਲੱਗਦਿਆਂ ਹੀ ਸਾਰੇ ਸੀਨੀਅਰ ਅਧਿਕਾਰੀ ਉਥੇ ਪਹੁੰਚ ਗਏ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਅਜੇ ਤੱਕ ਇਸ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ।
ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਜਿਸ ਵਿਅਕਤੀ ਦੀ ਲਾਸ਼ ਉੱਥੋਂ ਮਿਲੀ ਹੈ, ਉਸ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੋ ਸਕਦਾ ਹੈ ਕਿ ਬੰਬ ਉਸ ਦੇ ਕੋਲ ਸੀ, ਜਾਂ ਉਹ ਉਸ ਦੇ ਬਹੁਤ ਨੇੜੇ ਸੀ, ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੂਰੀ ਪੁਸ਼ਟੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਜੋ 4 ਲੋਕ ਜ਼ਖਮੀ ਹੋਏ ਹਨ, ਉਹ ਖਤਰੇ ਤੋਂ ਬਾਹਰ ਹਨ, ਪੂਰੇ ਇਲਾਕੇ ਨੂੰ ਵੀ ਕਲੀਅਰ ਕਰ ਦਿੱਤਾ ਗਿਆ ਹੈ, ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ।












