ਚੰਡੀਗੜ੍ਹ, 27 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਕੇਂਦਰੀ ਸਹਿਕਾਰੀ ਬੈਂਕ ਵਿੱਚੋਂ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ 9,75,771 ਰੁਪਏ ਦੀ ਗਬਨ ਕਰਨ ਦੇ ਦੋਸ਼ ਵਿੱਚ ਇੱਕ ਨਿੱਜੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਫੜੇ ਗਏ ਵਿਅਕਤੀ ਦੀ ਪਛਾਣ ਜਗਜੀਤ ਸਿੰਘ ਵਾਸੀ ਪਿੰਡ ਧੂਲਕਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੇ ਬੈਂਕ ਮੈਨੇਜਰ ਰਾਕੇਸ਼ ਕੁਮਾਰ, ਕੈਸ਼ੀਅਰ ਰਾਮ ਕਿਸ਼ੋਰ ਅਤੇ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਉਕਤ ਰਕਮ ਉਸ ਦੇ ਹੋਰ ਬੈਂਕਾਂ ਵਿਚਲੇ ਨਿੱਜੀ ਖਾਤਿਆਂ ਵਿੱਚ ਤਬਦੀਲ ਕਰਨ ਉਪਰੰਤ ਕਢਵਾ ਲਈ ਜਦਕਿ ਸਹਿਕਾਰੀ ਬੈਂਕ ਕਿਸਾਨ ਕ੍ਰੈਡਿਟ ਕਾਰਡ ਦੇ ਆਫ-ਲਾਈਨ ਖਾਤੇ ਤੋਂ ਅਜਿਹੀ ਰਕਮ ਦੂਜੇ ਬੈਂਕਾਂ ਦੇ ਖਾਤਿਆਂ ਵਿੱਚ ਤਬਦੀਲ ਨਹੀਂ ਕਰ ਸਕਦਾ।
ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਪਰੋਕਤ ਮੁਲਜਮ ਬੈਂਕ ਅਧਿਕਾਰੀਆਂ ਨੇ ਦੋਸ਼ੀ ਜਗਜੀਤ ਸਿੰਘ ਨਾਲ ਮਿਲੀਭੁਗਤ ਕਰਕੇ 51,94,900 ਰੁਪਏ ਗਹਿਰੀ ਮੰਡੀ, ਅੰਮ੍ਰਿਤਸਰ ਜ਼ਿਲ੍ਹੇ ਦੇ ਹੋਰ ਬੈਂਕਾਂ ਵਿੱਚ ਟਰਾਂਸਫਰ ਕੀਤੇ ਸਨ। ਇਸ ਮਾਮਲੇ ਵਿੱਚ ਸੱਤ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਨੇ ਉਪਰੋਕਤ ਬੈਂਕ ਵਿੱਚ 24 ਕਰੋੜ ਰੁਪਏ ਦੀ ਅਜਿਹੀ ਧੋਖਾਧੜੀ ਕੀਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 420, 409, 419, 465, 467, 468, 471, 477-ਏ, 120-ਬੀ, ਆਈ.ਟੀ. ਐਕਟ ਦੀ ਧਾਰਾ 43-ਏ, 43 (ਆਈ), 66, 66-ਡੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤੇ 13 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।












