ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਪੰਜਾਬ ਦੇ ਤਿੰਨ ਸਾਬਕਾ ਮੰਤਰੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਕਰੇਗਾ। ਵਿਜੀਲੈਂਸ ਨੇ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਨਾਲ ਸਬੰਧਤ ਫਾਈਲਾਂ ਈਡੀ ਨੂੰ ਸੌਂਪ ਦਿੱਤੀਆਂ ਹਨ। ਮੀਡਿਆ ਰਿਪੋਰਟਾਂ ਮੁਤਾਬਕ ਤਿੰਨਾਂ ਮੰਤਰੀਆਂ ਦੇ ਦੇਸ਼-ਵਿਦੇਸ਼ ਵਿੱਚ ਪੈਸੇ ਦੇ ਲੈਣ-ਦੇਣ ਅਤੇ ਜਾਇਦਾਦਾਂ ਦੀ ਖਰੀਦ-ਵੇਚ ਦੀ ਜਾਂਚ ਕੀਤੀ ਜਾਵੇਗੀ।
ਈਡੀ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਉਨ੍ਹਾਂ ਕੇਸਾਂ ਦੀਆਂ ਫਾਈਲਾਂ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ, ਜਿਨ੍ਹਾਂ ਵਿੱਚ ਮੁਲਜ਼ਮਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਲਾਇਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਪਹਿਲਾਂ ਈਡੀ ਨੂੰ ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਦੇ ਦਸਤਾਵੇਜ਼ ਉਪਲਬਧ ਕਰਵਾਏ ਸਨ। ਵਿਜੀਲੈਂਸ ਬਿਊਰੋ ਨਾਲ ਮਿਲ ਕੇ ਈਡੀ ਨੇ ਸਿਆਸੀ ਆਗੂਆਂ ਤੋਂ ਇਲਾਵਾ ਉੱਚ ਪੱਧਰੀ ਵਿਅਕਤੀਆਂ ਅਤੇ ਸਰਕਾਰੀ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਹੋਰ ਅਪਰਾਧਿਕ ਮਾਮਲਿਆਂ ਦੇ ਨਾਲ-ਨਾਲ ਵਿੱਤੀ ਬੇਨਿਯਮੀਆਂ ਦੇ ਵੀ ਕੇਸ ਦਰਜ ਹਨ। ਵਿਦੇਸ਼ ਭੱਜ ਗਏ ਖੁਰਾਕ ਤੇ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀਆਂ ਜਾਇਦਾਦਾਂ ਦਾ ਰਿਕਾਰਡ ਤਿਆਰ ਕਰ ਲਿਆ ਗਿਆ ਹੈ।












