ਕੈਬਨਿਟ ਮੰਤਰੀ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਲਾਲਚੰਦ ਕਟਾਰੂਚੱਕ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪਹਿਲਾਂ ਸਿਆਸੀ ਪਾਰਟੀਆਂ ਨੇ ਸਿਆਸੀ ਲਾਹਾ ਲੈਣ ਲਈ ਗਲਤ ਨੀਲੇ ਕਾਰਡ ਬਣਾਏ ਸਨ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ 30 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸ ਦਾ ਲਾਭ ਸਿਰਫ ਯੋਗ ਲੋਕਾਂ ਨੂੰ ਹੀ ਮਿਲੇਗਾ ਅਤੇ ਗਲਤ ਲੋਕਾਂ ਨੂੰ ਬਾਹਰ ਕੱਢ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਚੌਲਾਂ ਦੇ ਉਤਪਾਦਨ ਦੇ ਟੈਂਡਰ ਤੋਂ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 100 ਕਰੋੜ ਰੁਪਏ ਦਾ ਮੁਨਾਫਾ ਹੋਇਆ ਹੈ। ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਿੱਚ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਕੰਮ ਹੋਇਆ ਹੈ ਅਤੇ ਰੇਟ ਵੀ ਹੇਠਾਂ ਆਇਆ ਹੈ। ਹੋਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ 1806 ਰਿਵਾਇਤੀ ਖਰੀਦ ਕੇਂਦਰ ਅਤੇ 583 ਜਨਤਕ ਥਾਵਾਂ ਤੋਂ ਇਲਾਵਾ 37 ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਐਲਾਨ ਕੇ ਅਲਾਟਮੈਂਟ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਔਕੜ ਨਾ ਹੋਵੇ।
ਉਹਨਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੇ ਕਿਸਾਨਾਂ ਨੂੰ ਹੁਣ ਤੱਕ 34263.40 ਕਰੋੜ ਰੁਪਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਅਦਾ ਕੀਤੇ ਜਾ ਚੁੱਕੇ ਹਨ। ਉਹਨਾਂ ਅੱਗੇ ਦੱਸਿਆ ਕਿ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਬੰਦ ਕੀਤੀ ਜਾ ਚੁੱਕੀ ਹੈ ਅਤੇ ਕੁਝ ਕੁ ਸਥਾਨਾਂ ‘ਤੇ ਰਹਿੰਦੀ ਖਰੀਦ ਪ੍ਰਕਿਰਿਆ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ।
ਸਮਾਰਟ ਕਾਰਡ ਨੂੰ ਚੈੱਕ ਕਰਨ ਨੂੰ ਲੈਕੇ ਅਫ਼ਸਰਾਂ ਦੀ ਜਿੰਮੇਵਾਰੀ ਤੈਅ ਕਰਨ ਨੂੰ ਲੈਕੇ ਮੰਤਰੀ ਨੇ ਕਿਹਾ ਕਿ ਪਹਿਲਾਂ ਵੈਰੀਫਿਕੇਸ਼ਨ ਕਰਨਗੇ ਅਤੇ ਉਸ ਤੋਂ ਬਾਅਦ ਦੇਖਿਆ ਜਾਵੇਗਾ ਕਿ ਹੋਰ ਕਦਮ ਕਿਹੜੇ ਚਕੇ ਜਾ ਸਕਦੇ ਹਨ।












