ਕਪੂਰਥਲਾ/ਹੁਸ਼ਿਆਰਪੁਰ, 27 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਨੂੰ ਦੁਨੀਆ ਭਰ ‘ਚ ‘ਮੈਡੀਕਲ ਸਿੱਖਿਆ’ ਦੇ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਥਾਂ ਦਾ ਨਿਰੀਖਣ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਨਾਂ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀ ਜਗ੍ਹਾ ਅਤੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ ਵੱਕਾਰੀ ਪ੍ਰੋਜੈਕਟ ‘ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਮੈਡੀਕਲ ਕਾਲਜ 20 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਉੱਤੇ ਕੁੱਲ 428.69 ਕਰੋੜ ਰੁਪਏ ਦੀ ਲਾਗਤ ਆਵੇਗੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਮੈਡੀਕਲ ਕਾਲਜ ਇਲਾਜ ਅਤੇ ਜਾਂਚ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਵਿੱਚ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਉਣਗੇ, ਇਸ ਲਈ 300 ਬਿਸਤਰਿਆਂ ਵਾਲੇ ਅਤਿ ਆਧੁਨਿਕ ਸਿਵਲ ਹਸਪਤਾਲ ਤੋਂ ਇਲਾਵਾ ਕਾਲਜ ਦੇ ਨਾਲ 10-12 ਮੰਜ਼ਿਲਾਂ ਵਾਲੇ ਅਤਿ ਆਧੁਨਿਕ ਹੋਸਟਲ ਦੀ ਵੀ ਉਸਾਰੀ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਲਜ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ ਹੋਵੇ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਉਨ੍ਹਾਂ ਵੱਲੋਂ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਯੋਗ ਨੌਜਵਾਨਾਂ ਨੂੰ ਲਗਪਗ 21000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹੋਰ ਭਰਤੀ ਵੀ ਪ੍ਰਕਿਰਿਆ ਅਧੀਨ ਹੈ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਟਾਫ ਦੀ ਕਮੀ ਨੂੰ ਜਲਦੀ ਹੀ ਦੂਰ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਸਰਕਾਰੀ ਭਰਤੀ ਲਈ ਨਿਰੋਲ ਮੈਰਿਟ ਹੀ ਇਕਮਾਤਰ ਮਾਪਦੰਡ ਹੈ।
ਬਾਅਦ ਵਿੱਚ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਮਹਾਨ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਵੀ ਨਿਰੀਖਣ ਕੀਤਾ।ਉਨ੍ਹਾਂ ਕਿਹਾ ਕਿ ਇਹ ਮੈਡੀਕਲ ਕਾਲਜ ਲਗਭਗ 23 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 418.3 ਕਰੋੜ ਰੁਪਏ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਲਜ ਦੀ ਜਗ੍ਹਾ ਤੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ‘ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ।












