ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਅੱਜ ਆਪਣੀ ਚੁੱਪੀ ਤੋੜਦਿਆਂ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਇਨ੍ਹਾਂ ਦੋਵਾਂ ਨੇ ਭਾਜਪਾ ਅਤੇ ਬਾਦਲ ਪਰਿਵਾਰ ਦੇ ਅਕਾਲੀ ਦਲ ਕੋਲ ਪੰਥ ਅਤੇ ਪੰਜਾਬ ਨੂੰ ਵੇਚ ਦਿੱਤਾ ਹੈ। ਇਸ ਲਈ ਹੁਣ ਉਨ੍ਹਾਂ ਦਾ ਉੱਥੇ ਅਕਾਲੀ ਦਲ (ਸੰਯੁਕਤ) ਵਿਚ ਬੈਠੇ ਰਹਿਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ ਹੈ।

ਅੱਜ ਇੱਥੇ ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਜਿੱਥੇ ਢੀਂਡਸਾ ਅਤੇ ਬ੍ਰਹਮਪੁਰਾ ਨੇ ਪੰਜਾਬ, ਪੰਜਾਬੀਅਤ ਅਤੇ ਪੰਥ ਨਾਲ ਵਿਸ਼ਵਾਸਘਾਤ ਕੀਤਾ ਹੈ, ਉੱਥੇ ਕਿਸਾਨ ਜਥੇਬੰਦੀਆਂ ਦੇ ਚੌਧਰੀ ਬਣੇ ਆਗੂਆਂ ਨੇ ਵੀ ਪੰਜਾਬ ਦੇ ਲੋਕਾਂ ਨਾਲ ਸਿਰੇ ਦਾ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕਿਸਾਨ ਅੰਦੋਲਨ ਚੱਲਦਾ ਰਿਹਾ। ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਦਾ ਸਮਰਥਨ ਕੀਤਾ ਅਤੇ ਕਿਸਾਨਾਂ ਨੂੰ ਤਕੜਾ ਕਰਨ ਲਈ ਉਨ੍ਹਾਂ ਦੀ ਮਦਦ ਕੀਤੀ ਗਈ। ਉਦੋਂ ਕਿਸਾਨ ਜਥੇਬੰਦੀਆਂ ਨੇ ‘ਸਾਡੇ ਮੰਚ ਤੇ ਨਾ ਚੜਿਓ’ ਕਹਿ ਕੇ ਕਿਸੇ ਵੀ ਸਿਆਸੀ ਆਗੂ ਨੂੰ ਮੰਚ ’ਤੇ ਬੋਲਣ ਤੱਕ ਨਹੀਂ ਸੀ ਦਿੱਤਾ ਅਤੇ ਆਖਦੇ ਸੀ ਕਿ ਸਾਡਾ ਅੰਦੋਲਨ ਸਿਆਸੀ ਨਹੀਂ ਹੈ। ਇਸ ਲਈ ਉਨ੍ਹਾਂ ਨੇ ਕਿਸਾਨਾਂ ਦੇ ਦਰਦ ਨੂੰ ਮਹਿਸੂਸ ਕਰਦੇ ਹੋਏ ਦੁਨੀਆ ਭਰ ਵਿਚ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਡਟਵੀਂ ਮਦਦ ਕੀਤੀ ਜਾਵੇ। ਉਨ੍ਹਾਂ ਪੱਲਾ ਅੱਡ ਕੇ ਇਹ ਅਪੀਲ ਕੀਤੀ ਕਿ ਪੰਜਾਬ ਦੀ ਅਤੇ ਕਿਸਾਨ ਦੀ ਇੱਜ਼ਤ ਦਾ ਸਵਾਲ ਹੈ ਅਤੇ ਕਿਸਾਨੀ ਦੇ ਬੁਨਿਆਦੀ ਧੰਦੇ ਨੂੰ ਬਚਾਉਣ ਦਾ ਸਵਾਲ ਹੈ ਅਤੇ ਸਿੱਖ ਕਦਰਾਂ-ਕੀਮਤਾਂ ਅਤੇ ਖਾਲਸਾ ਪੰਥ ਦੀਆਂ ਸ਼ਾਨਦਾਰ ਰਵਾਇਤਾਂ ਦਾ ਸਵਾਲ ਹੈ, ਪ੍ਰੰਤੂ ਹੁਣ ਇਨ੍ਹਾਂ ਨੇ ਖ਼ੁਦ ਹੀ ਕੁਰਬਾਨੀ ਦੀ ਭਾਵਨਾ ਸੱਚ ਪਿੱਠ ਦੇ ਕੇ ਸਾਰਾ ਕੁੱਝ ਮਲੀਆ ਮੇਟ ਕਰਕੇ ਰੱਖ ਦਿੱਤਾ ਹੈ।












