ਚੰਡੀਗੜ੍ਹ: ਡਰੱਗਸ ਮਾਮਲੇ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਹਾਲੇ ਤਕ ਨਹੀਂ ਹੋ ਸਕੀ ਹੈ। ਉੱਥੇ ਹੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ (ਵੀਰਵਾਰ ) ਫੈਸਲਾ ਹੋਵੇਗਾ। ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਪੀ.ਚਿਦੰਬਰਮ ਅਤੇ ਮਜੀਠੀਆ ਦੇ ਹੱਕ ਵਿੱਚ ਮੁਕੁਲ ਰੋਹਤਗੀ ਬਹਿਸ ਕਰਨਗੇ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜੇਕਰ ਹਾਈਕੋਰਟ ‘ਚ ਵੀ ਜ਼ਮਾਨਤ ਪਟੀਸ਼ਨ ਖਾਰਜ ਹੋ ਜਾਂਦੀ ਹੈ ਤਾਂ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਡਰੱਗਸ ਮਾਮਲੇ ’ਚ ਗ੍ਰਿਫ਼ਤਾਰੀ ਲਈ ਕੋਸ਼ਿਸ਼ ਕਰ ਰਹੀ ਪੰਜਾਬ ਪੁਲਿਸ ਵਲੋਂ ਪੰਜਾਬ, ਚੰਡੀਗੜ੍ਹ ਅਤੇ ਨਾਲ ਲੱਗਦੇ ਸੂਬਿਆਂ ’ਚ ਛਾਪੇਮਾਰੀ ਲਗਾਤਾਰ ਜਾਰੀ ਹੈ। ਪੁਲਿਸ ਦੇ ਅਧਿਕਾਰੀਆਂ ਵਲੋਂ ਗ੍ਰਿਫ਼ਤਾਰੀ ਲਈ ਕੀਤੇ ਜਾ ਰਹੇ ਯਤਨਾਂ ਦਾ ਰਿਵਿਊ ਕਰਨ ਲਈ ਇਕ ਬੈਠਕ ਵੀ ਕੀਤੀ ਗਈ ਹੈ ਹਾਲਾਂਕਿ ਇੰਨ੍ਹੇ ਦਿਨ ਬੀਤ ਜਾਣ ਦੇ ਬਾਅਦ ਵੀ ਪੁਲਿਸ ਮਜੀਠੀਆ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ।











