ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੇ ਫੰਡ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ 500 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡ ਰਜਿਸਟਰਡ ਹਨ। ਇਹ ਫੰਡ ਉਨ੍ਹਾਂ ਸਾਰਿਆਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਇਸ ਫੰਡ ਨਾਲ ਬੇਸਹਾਰਾ ਪਸ਼ੂਆਂ ਨੂੰ ਸਹਾਰਾ ਮਿਲ ਸਕੇਗਾ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਨੂੰ ਬਿਜਲੀ ਦਾ ਬਿੱਲ ਵੀ ਫ੍ਰੀ ਕਰ ਦਿੱਤਾ ਹੈ ਤੇ ਜਿਨ੍ਹਾਂ ਗਊਸ਼ਾਲਾਵਾਂ ਦਾ ਬਿੱਲ ਬਕਾਇਆ ਸੀ ਉਸ ਨੂੰ ਵੀ ਮੁਆਫ ਕਰ ਦਿੱਤਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਸਰਕਾਰ ਸਿਰਫ਼ ਸ਼ਹਿਰੀ ਖੇਤਰਾਂ ਵਿੱਚ ਗਊ ਆਸ਼ਰਮ ਲਈ ਫੰਡ ਦਿੰਦੀ ਸੀ। ਹੁਣ, ਇਹ ਫੰਡ ਪੇਂਡੂ ਖੇਤਰਾਂ ਵਿੱਚ ਵੀ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮੇਂ ਸ਼ਹਿਰੀ ਖੇਤਰਾਂ ਵਿੱਚ 228 ਗਊ ਆਸ਼ਰਮ ਲਈ ਫੰਡ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਹੁਣ ਪੇਂਡੂ ਖੇਤਰਾਂ ਵਿੱਚ 272 ਗਊ ਆਸ਼ਰਮ ਲਈ ਵੀ ਫੰਡ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਰਾਸ਼ੀ ਪਸ਼ੂਆਂ ਦੀ ਦੇਖਭਾਲ ਲਈ ਪ੍ਰਦਾਨ ਕੀਤੀ ਹੈ। ਇਸ ਤਹਿਤ ਪ੍ਰਤੀ ਪਸ਼ੂ 4,538 ਰੁਪਏ ਦਿੱਤੇ ਜਾਣਗੇ।
ਅਮਨ ਅਰੋੜਾ ਨੇ ਦੱਸਿਆ ਕਿ ਇਹ ਫੰਡ ਸ਼ਹਿਰੀ ਇਲਾਕਿਆਂ ਵਿੱਚ ਨਗਰ ਨਿਗਮ ਕਮਿਸ਼ਨਰ ਅਤੇ ਪੇਂਡੂ ਖੇਤਰਾਂ ਵਿੱਚ ਡਿਪਟੀ ਕਮਿਸ਼ਨਰ ਰਾਹੀਂ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਨੂੰ ਫੰਡ ਦਿੱਤਾ ਜਾਵੇਗਾ। ਅਰੋੜਾ ਨੇ ਕਿਹਾ ਕਿ ਦੋ ਦਿਨਾਂ ਵਿਚ ਫੰਡ ਗਊਸ਼ਾਲਾਵਾਂ ਨੂੰ ਜਾਰੀ ਕਰ ਦਿੱਤਾ ਜਾਵੇਗਾ। ਗਊਸ਼ਾਲਾਵਾਂ ਸੰਚਾਲਕ ਲੰਮੇ ਸਮੇਂ ਤੋਂ ਡਿਮਾਂਡ ਕਰ ਰਹੇ ਸਨ।












