ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (AAP) ਤੋਂ ਅਸਤੀਫ਼ਾ ਦੇ ਕੇ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਤਿੰਨਾਂ ਆਗੂਆਂ ਨੂੰ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।
ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਸਨੌਰ ਤੇ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਦੋਵਾਂ ਨੇ 1 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੋਵਾਂ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ, ਨਸ਼ਿਆਂ, ਭ੍ਰਿਸ਼ਟਾਚਾਰ ਤੇ ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ ‘ਤੇ ਸਵਾਲ ਚੁੱਕੇ ਸਨ। ਪਾਰਟੀ ਵੱਲੋਂ ਦੋਵਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਸੀ।
ਦੂਜੇ ਪਾਸੇ, ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ 1 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ। ਉਨ੍ਹਾਂ ਨੇ ਲੋਕਾਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ‘ਚੋਂ ‘ਮਾਈ-ਬਾਪ ਕਲਚਰ’ ਖ਼ਤਮ ਕਰਨਾ ਦੱਸਿਆ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਕੋ-ਇੱਕ ਮਕਸਦ ‘ਪੰਜਾਬ ਫਸਟ’ ਹੈ। ਉਹ ਜੂਨ 2025 ‘ਚ ‘ਆਪ’ ਵੱਲੋਂ ਪੰਜ ਸਾਲ ਲਈ ਮੁਅੱਤਲ ਕੀਤੇ ਗਏ ਸਨ।












