ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ ਸਟਰੀਟ ‘ਤੇ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਇੱਕ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਸ਼ਰਾਬ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ।
ਕਮਿਸ਼ਨ ਨੇ ਸ਼ੋਅ ਵਿੱਚ ਸ਼ਰਾਬ ਦਾ ਗੁਣਗਾਨ ਕਰਨ ਵਾਲੇ ਗੀਤਾਂ ਦੇ ਪ੍ਰਦਰਸ਼ਨ ‘ਤੇ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ (ਡੀਸੀ) ਨੂੰ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੂੰ ਇਸ ਸਬੰਧ ਵਿੱਚ ਡਾ. ਪੰਡਿਤਰਾਓ ਧਰੇਨਵਰ ਤੋਂ ਸ਼ਿਕਾਇਤ ਮਿਲੀ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ “ਲਾਕੇ ਤਿੰਨ ਪੈੱਗ ਬੱਲੀਏ, ਹੋਸਟਲ ਵਾਲਾ ਕਮਰਾ ਦੇਵੇ ਜੀ” ਵਰਗੇ ਗੀਤ ਸ਼ਰਾਬ ਨੂੰ ਉਤਸ਼ਾਹਿਤ ਕਰ ਸਕਦੇ ਹਨ ਅਤੇ ਇਸ ਦਾ ਬੱਚਿਆਂ ਅਤੇ ਨੌਜਵਾਨਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਸ਼ਿਕਾਇਤ ਦਾ ਨੋਟਿਸ ਲੈਂਦੇ ਹੋਏ ਕਮਿਸ਼ਨ ਨੇ ਐਸਏਐਸ ਨਗਰ ਦੇ ਡੀਸੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਕਮਿਸ਼ਨ ਨੇ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਸ਼ਰਾਬ ਪੀਣ ਦੇ ਸੱਭਿਆਚਾਰ ਨੂੰ ਰੋਕਣ ਦੀ ਜ਼ਰੂਰਤ ਨੂੰ ਉਜਾਗਰ ਕੀਤਾ ਹੈ।












