ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਹ ਭਲਕੇ ਯਾਨੀ 14 ਨਵੰਬਰ ਨੂੰ ਹੋਣ ਵਾਲੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।
ਇਸ ਦੇ ਨਾਲ ਹੀ ਅਦਾਲਤ ਨੇ MP ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ, ਜਦਕਿ ਸੁਖਮਨਦੀਪ ਨੂੰ ਦੋ ਦਿਨ ਦੀ ਅੰਤਰਿਮ ਜ਼ਮਾਨਤ ਮਿਲੀ ਹੈ। ਚਰਨ ਕੌਰ ਦੇ ਅੰਤਿਮ ਸਸਕਾਰ ਅਤੇ ਫੁੱਲ ਚੁਗਣ ਤੋਂ ਲੈਕੇ ਅਖੰਡ ਪਾਠ ਸਾਹਿਬ ਦੇ ਭੋਗ ਤੱਕ ਦੀ ਅੰਤਰਿਮ ਰਾਹਤ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਮਾਤਾ ਚਰਨ ਕੌਰ ਦਾ ਲੰਬੀ ਬਿਮਾਰੀ ਤੋਂ ਬਾਅਦ 8 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ। ਪਰਿਵਾਰ ਨੇ ਐਲਾਨ ਕੀਤਾ ਸੀ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਨਹੀਂ ਮਿਲਦੀ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਮਨੁੱਖੀ ਆਧਾਰ ‘ਤੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
ਵਕੀਲਾਂ ਵੱਲੋਂ 14 ਤੋਂ 17 ਨਵੰਬਰ ਤੱਕ ਅੰਤਿਮ ਸਸਕਾਰ, ਅਸਥੀਆਂ ਜਲ ਪ੍ਰਵਾਹ ਕਰਨ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਾਹਤ ਮੰਗੀ ਗਈ ਸੀ, ਜਿਸ ‘ਤੇ ਅਦਾਲਤ ਨੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਮਨਜ਼ੂਰੀ ਦਿੱਤੀ ਹੈ।












