ਪਿਛਲੇ ਕੁਝ ਮਹੀਨਿਆਂ ਤੋਂ ਇਲੈਕਟ੍ਰਿਕ ਵਾਹਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤਿੰਨ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਇਲੈਕਟ੍ਰਿਕ ਵਾਹਨਾਂ ਵਿੱਚ ਅੱਗ ਲੱਗਣ ਦੀਆਂ ਘੱਟੋ-ਘੱਟ ਛੇ ਘਟਨਾਵਾਂ ਸਾਹਮਣੇ ਆਈਆਂ ਹਨ। ਸੂਤਰਾਂ ਮੁਤਾਬਕ ਸਰਕਾਰ ਜਲਦ ਹੀ ਈ-ਵੀ ਨਿਰਮਾਤਾ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਸਕਦੀ ਹੈ।
ਜਾਣਕਾਰੀ ਮੁਤਾਬਿਕ ਸਰਕਾਰ ਟੈਸਟਿੰਗ ਨੂੰ ਲੈ ਕੇ ਨਵੇਂ ਨਿਯਮ ਬਣਾਉਣ ‘ਤੇ ਕੰਮ ਕਰ ਰਹੀ ਹੈ। ਇਸ ‘ਚ ਵਾਹਨਾਂ ‘ਚ ਵਰਤੀ ਜਾਣ ਵਾਲੀ ਬੈਟਰੀ, ਬੈਟਰੀ ਪ੍ਰਬੰਧਨ ਅਤੇ ਸੈੱਲ ਨੂੰ ਲੈ ਕੇ ਨਿਯਮਾਂ ‘ਚ ਬਦਲਾਅ ਕੀਤੇ ਜਾਣਗੇ। ਸਰਕਾਰ ਉਨ੍ਹਾਂ ਇਲੈਕਟ੍ਰਿਕ ਵਾਹਨ ਕੰਪਨੀਆਂ ਨਾਲ ਗੱਲ ਕਰ ਰਹੀ ਹੈ ਜਿਨ੍ਹਾਂ ਦੇ ਸਕੂਟਰਾਂ ਨੂੰ ਅੱਗ ਲੱਗ ਗਈ ਸੀ। Okinawa, Ola, Jitendra ਅਤੇ Pure EV ਕੰਪਨੀਆਂ ਨੂੰ ਭਵਿੱਖ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਦਮ ਚੁੱਕਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ 31 ਮਾਰਚ ਨੂੰ ਲੋਕ ਸਭਾ ਵਿੱਚ ਈ-ਵੀ ਨੂੰ ਅੱਗ ਲੱਗਣ ਦੇ ਮਾਮਲਿਆਂ ‘ਤੇ ਬੋਲਦਿਆਂ ਕਿਹਾ ਸੀ ਕਿ ਇਹ ਘਟਨਾਵਾਂ ਵੱਧ ਤਾਪਮਾਨ ਕਾਰਨ ਵਾਪਰੀਆਂ ਹੋ ਸਕਦੀਆਂ ਹਨ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾ ਰਹੇ ਹਾਂ।