ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈ ਲੈਵਲ ਮੀਟਿੰਗ ਬੁਲਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਮੀਟਿੰਗ ‘ਚ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (SSPs) ਤੇ ਡਿਪਟੀ ਕਮਿਸ਼ਨਰਾਂ (DCs) ਨਾਲ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ।
ਮੈਡੀਕਲ ਸਟੋਰ ‘ਤੇ ਹੋਏ ਵਿਵਾਦ ਤੋਂ ਬਾਅਦ ਚੱਲੀਆਂ ਗੋਲੀਆਂ
ਮੁੱਢਲੀ ਜਾਣਕਾਰੀ ਮੁਤਾਬਕ, ਪਰਵਿੰਦਰ ਸਿੰਘ ਝੋਟਾ ਕਥਿਤ ਤੌਰ ‘ਤੇ ਮੈਡੀਕਲ ਸਟੋਰ ‘ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਲਈ ਪਹੁੰਚਿਆ ਸੀ। ਇਸ ਦੌਰਾਨ ਉਸ ਦੀ ਮੈਡੀਕਲ ਸਟੋਰ ਦੇ ਮਾਲਕ ਨਾਲ ਬਹਿਸ ਹੋ ਗਈ। ਇਲਜ਼ਾਮ ਹਨ ਕਿ ਇਸੇ ਦੌਰਾਨ ਮੈਡੀਕਲ ਸਟੋਰ ਮਾਲਕ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਝੋਟਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀਆਂ ਤੇ ਸਥਾਨਕ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ‘ਚ ਝੋਟਾ ਦਾ ਇੱਕ ਸਾਥੀ ਵੀ ਜ਼ਖ਼ਮੀ ਹੋਇਆ ਹੈ।
ਫਾਇਰਿੰਗ ਦੀ ਵੀਡੀਓ ਹੋ ਰਹੀ ਹੈ ਵਾਇਰਲ
ਘਟਨਾ ਨਾਲ ਸਬੰਧਤ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਮੈਡੀਕਲ ਸਟੋਰ ਮਾਲਕ ਪਿਸਤੌਲ ਨਾਲ ਫਾਇਰਿੰਗ ਕਰਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਪਰਵਿੰਦਰ ਸਿੰਘ ਝੋਟਾ ਵੱਲੋਂ ਰਿਕਾਰਡ ਕੀਤੀ ਗਈ ਸੀ। ਘਟਨਾ ਤੋਂ ਬਾਅਦ ਮੈਡੀਕਲ ਸਟੋਰ ਦਾ ਮਾਲਕ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।












