ਨਵੀਂ ਦਿੱਲੀ: ਭਾਜਪਾ ਅਤੇ ਸਹਿਯੋਗੀ ਪਾਰਟੀਆਂ ਵਿਚਾਲੇ ਸੀਟ ਦਾ ਫਾਰਮੂਲਾ ਤੈਅ ਹੋ ਗਿਆ ਹੈ। ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਇਸ ਬਾਰੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਦੱਸਿਆ ਕਿ ਪੰਜਾਬ ਵਿਚ ਭਾਜਪਾ 65 ਸੀਟਾਂ, ਪੰਜਾਬ ਲੋਕ ਕਾਂਗਰਸ 37 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣ ਲੜੇਗਾ।ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਸੂਬੇ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉੱਥੇ ਸੁਰੱਖਿਆ ਅਹਿਮ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨਾ ਹੈ।
ਪੰਜਾਬ ‘ਚ ਮਾਫ਼ੀਆ ਰਾਜ ਦੇ ਖ਼ਾਤਮੇ ਨੂੰ ਲੈ ਕੇ ਨੱਡਾ ਨੇ ਵੱਡਾ ਬਿਆਨ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ ਤੇ ਹੁਣ ਦੋਸ਼ੀ ਜੇਲ੍ਹ ‘ਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਭਾਜਪਾ ਗਠਜੋੜ ਦੀ ਸਰਕਾਰ ਬਣਨ ‘ਤੇ ਮਾਫ਼ੀਆ ਰਾਜ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ।












