ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦਾ ਦੌਰਾ ਕੀਤਾ। ਗੁਰੂਨਗਰੀ ਪਹੁੰਚਦਿਆਂ ਹੀ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਿਆ। ਗੁਰੂਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਖਾਸ ਗੱਲ ਇਹ ਹੈ ਕਿ ਉਨ੍ਹਾਂ ਦੀ ਗੱਲਬਾਤ ਬੰਦ ਕਮਰੇ ‘ਚ ਹੋਈ। ਪੰਜਾਬ ਅਤੇ ਕੌਮ ਦੇ ਕਈ ਮਸਲਿਆਂ ਨੂੰ ਲੈ ਕੇ ਹੋਈ ਚਰਚਾ|

ਸੋਮਵਾਰ 6 ਜੂਨ ਘੱਲੂਘਾਰਾ ਦਿਵਸ ਹੈ। ਇਸ ਤੋਂ ਇੱਕ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਦਾ ਅੰਮ੍ਰਿਤਸਰ ਦੌਰਾ ਖਾਸ ਮੰਨਿਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁੱਖ ਮੰਤਰੀ ਦੀ ਮੀਟਿੰਗ ਕਰੀਬ ਇੱਕ ਘੰਟਾ ਚੱਲੀ। ਪੰਜਾਬ ਵਿੱਚ ਵੀਆਈਪੀਜ਼ ਦੀ ਸੁਰੱਖਿਆ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਸੀਐਮ ਮਾਨ ਦੀ ਇਹ ਪਹਿਲੀ ਫੇਰੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਵੀ ਵੀਆਈਪੀਜ਼ ਦੀ ਸੁਰੱਖਿਆ ਲੈਣ ਵਾਲੀ ਸੂਚੀ ਵਿੱਚ ਸ਼ਾਮਲ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਕਾਰ ਇਹ ਕੋਈ ਪਹਿਲਾ ਵਿਵਾਦ ਨਹੀਂ ਸੀ। ਇਸ ਤੋਂ ਪਹਿਲਾਂ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੇ ਹਥਿਆਰਾਂ ਨੂੰ ਲੈ ਕੇ ਬਿਆਨ ਦਿੱਤਾ ਸੀ ਤਾਂ ਉਸ ਸਮੇਂ ਵੀ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਨੇ ਇੱਕ ਘੰਟੇ ਵਿੱਚ ਜਥੇਦਾਰ ਦੀ ਨਰਾਜ਼ਗੀ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਸੀਐਮ ਮਾਨ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਉਹ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਤੋਂ ਬਾਅਦ ਸਿੱਧਾ ਚਲੇ ਗਏ।










