ਮੋਹਾਲੀ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਨੀਵਾਰ ਨੂੰ ਮੋਹਾਲੀ ਵਿਖੇ ਆਪਣੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਆਪਣੇ ਵਰਕਰਾਂ ਦਾ ਮਨੋਬਲ ਵਧਾਉਂਦੇ ਹੋਏ ਕਿਹਾ ਕਿ ਪੰਜਾਬ ‘ਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਨੇ ਕਮਲ ਦੇ ਚੋਣ ਨਿਸ਼ਾਨ ‘ਤੇ ਚੋਣ ਲੜੀ ਹੈ। ਇੰਨਾ ਹੀ ਨਹੀਂ, ਅੰਦੋਲਨ ਕਾਰਨ ਹਾਲਾਤ ਇੰਨੇ ਵਿਗੜ ਗਏ ਕਿ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਪ੍ਰੋਗਰਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪਰ ਇਸ ਦੇ ਬਾਵਜੂਦ ਪੰਜਾਬ ਦੇ ਵੋਟਰਾਂ ਦੇ ਭਾਰਤੀ ਜਨਤਾ ਪਾਰਟੀ ਪ੍ਰਤੀ ਰਵੱਈਏ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲਾ ਸਮਾਂ ਸਿਰਫ਼ ਅਤੇ ਸਿਰਫ਼ ਭਾਰਤੀ ਜਨਤਾ ਪਾਰਟੀ ਦਾ ਹੈ। ਮੁਹਾਲੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ 60 ਹਜ਼ਾਰ ਵੋਟਰਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਆਪਣੀ ਕੀਮਤੀ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਭਾਰਤੀ ਜਨਤਾ ਪਾਰਟੀ ਦੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਹੋਇਆ ਹੈ ਸਗੋਂ ਲੋਕਾਂ ਵਿੱਚ ਪਾਰਟੀ ਪ੍ਰਤੀ ਪਿਆਰ ਦੀ ਭਾਵਨਾ ਵੀ ਪ੍ਰਗਟ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਅੱਜ ਤੋਂ ਹੀ ਕਮਰ ਕੱਸ ਲੈਣ ਅਤੇ ਆਉਣ ਵਾਲੀਆਂ ਅਗਲੀਆਂ ਚੋਣਾਂ ਲਈ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੁਣ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ। ਅਸ਼ਵਨੀ ਸ਼ਰਮਾ ਨੇ ਆਪਣੇ ਵਰਕਰਾਂ ਨੂੰ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰਨ ਦਾ ਸੱਦਾ ਦਿੱਤਾ। ਕਿਉਂਕਿ ਇਨ੍ਹਾਂ ਚੋਣਾਂ ਵਿੱਚ ਸਿਰਫ਼ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਹੀ ਮੁਕਾਬਲਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕਾਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸ ਤੋਂ ਇਲਾਵਾ ਮੁਹਾਲੀ ਵਿਧਾਨ ਸਭਾ ਤੋਂ ਚੋਣ ਲੜ ਰਹੇ ਅਕਾਲੀ ਦਲ ਤੋਂ ਦੋਹਰੀ ਵੋਟਾਂ ਹਾਸਲ ਕਰਨ ਵਾਲੇ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜਿਸ ਤਰ੍ਹਾਂ ਮੁਹਾਲੀ ਦੇ ਲੋਕਾਂ ਨੇ ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦਿੱਤਾ ਹੈ, ਉਸ ਤੋਂ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਗਲੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਜੇਤੂ ਬਣਾ ਕੇ ਪੰਜਾਬ ਦੇ ਭਵਿੱਖ ਨੂੰ ਰੌਸ਼ਨ ਕਰਨ ਵਿੱਚ ਪੂਰਾ ਸਹਿਯੋਗ ਦੇਵਾਂਗੇ। ਇਸ ਮੀਟਿੰਗ ਵਿੱਚ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ, ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਡੇਰਾਬੱਸੀ ਤੋਂ ਭਾਜਪਾ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਵਾਲੇ ਸੰਜੀਵ ਖੰਨਾ ਤੋਂ ਇਲਾਵਾ ਹੋਰ ਵੀ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਹਰ ਪਿੰਡ, ਹਰ ਇਲਾਕੇ ਵਿੱਚ ਜਾ ਕੇ ਵੋਟਰ ਦਾ ਕਰੋ ਧੰਨਵਾਦ
ਅਸ਼ਵਨੀ ਸ਼ਰਮਾ ਨੇ ਆਪਣੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੋਹਾਲੀ ਦੇ ਹਰ ਪਿੰਡ ਅਤੇ ਹਰ ਖੇਤਰ ਵਿੱਚ ਜਾ ਕੇ ਆਪਣੇ ਵੋਟਰਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੀ ਕੀਮਤੀ ਵੋਟ ਦਿੱਤੀ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਇਆ। ਕਿਉਂਕਿ ਹੁਣ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਉਨ੍ਹਾਂ ਦਾ ਸਮਰਥਨ ਕਰਨ ਦਾ ਸਮਾਂ ਹੈ। ਇਸ ਲਈ ਕਿਸੇ ਵੀ ਵਰਕਰ ਨੂੰ ਆਪਣੇ ਮਨ ਵਿਚ ਕਿਸੇ ਕਿਸਮ ਦੀ ਕੋਈ ਉਦਾਸੀ ਨਹੀਂ ਰੱਖਣੀ ਚਾਹੀਦੀ ਅਤੇ ਮਜਬੂਤ ਹੋ ਕੇ ਪਾਰਟੀ ਨੂੰ ਪੰਜਾਬ ਅਤੇ ਮੁਹਾਲੀ ਵਿਚ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਵੋਟ ਪ੍ਰਤੀਸ਼ਤ ਵਿੱਚ ਵਾਧਾ ਇੱਕ ਖੁਸ਼ੀ ਦਾ ਸੰਕੇਤ ਹੈ।












