ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਨੇ ਅੱਜ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 10 ਮੰਤਰੀਆਂ ਨੇ ਸਹੁੰ ਚੁੱਕੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਦੇ ਮੰਤਰੀਆਂ ਨੂੰ ਵਧਾਈ ਦਿੱਤੀ।

ਦਿੱਲੀ ਸੀ.ਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ “ਪੰਜਾਬ ਦੇ ਸਾਰੇ ਨਵੇਂ ਮੰਤਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੂੰ ਤੁਹਾਡੇ ਸਾਰਿਆਂ ਤੋਂ ਬਹੁਤ ਉਮੀਦਾਂ ਹਨ। ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੋ, ਪ੍ਰਮਾਤਮਾ ਤੁਹਾਡੇ ਨਾਲ ਹੈ।”
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਇਸ ਦਾ ਨਤੀਜਾ 10 ਮਾਰਚ ਨੂੰ ਐਲਾਨਿਆ ਗਿਆ ਸੀ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 117 ਸੀਟਾਂ ਵਿੱਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ।












