ਨਵੀਂ ਦਿੱਲੀ, 9 ਦਸੰਬਰ 2021 – ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰ ਸਰਕਾਰ ਚ ਕੇਂਦਰ ਵੱਲੋਂ ਭੇਜੇ ਗਏ ਸੋਧੇ ਹੋਏ ਖਰੜੇ ਦੇ ਮਤੇ ‘ਤੇ ਸਹਿਮਤੀ ਬਣ ਗਈ ਹੈ।
ਅਤੇ ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਮੀਟਿੰਗ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਐਸਕੇਐਮ ਦੇ ਸੂਤਰਾਂ ਨੇ ਕਿਹਾ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ ‘ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ।
ਕਿਸਾਨ ਮੋਰਚੇ ਵੱਲੋਂ ਅੱਜ ਦੁਪਹਿਰ 12 ਵਜੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਅਹਿਮ ਮੀਟਿੰਗ ਹੋਣੀ ਹੈ ਅਤੇ ਇਸ ‘ਚ ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਹਾਲਾਂਕਿ ਕਿਸਾਨ ਆਗੂ ਗੁਰਨਾਮ ਚੜੂਨੀ ਪਹਿਲਾਂ ਹੀ ਐਲਾਨ ਕਰ ਚੁਕੇ ਹਨ ਕੇ ਕਿਸਾਨ ਅੰਦੋਲਨ ਮੁਲਤਵੀ ਕੀਤਾ ਜਾ ਸਕਦਾ ਹੈ ਪਰ ਮੰਗਾਂ ਪੂਰੀਆਂ ਹੋਣ ਤੱਕ ਖਤਮ ਨਹੀਂ ਕੀਤਾ ਜਾਵੇਗਾ।
ਕਿਸਾਨ ਮੋਰਚਾ ਦੇ ਆਗੂਆਂ ਨੇ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਸਰਕਾਰ ਤੋਂ ਇੱਕ ਸੋਧਿਆ ਖਰੜਾ ਪ੍ਰਸਤਾਵ ਪ੍ਰਾਪਤ ਕੀਤਾ ਹੈ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਕਾਰ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰਦੇ ਹੋਏ, ਸੰਯੁਕਤ ਕਿਸਾਨ ਮੋਰਚਾ ਦੇ ਅੰਦਰ ਇੱਕ ਆਮ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੇ ਲੈਟਰਹੈੱਡ ‘ਤੇ ਦਸਤਖਤ ਕੀਤੇ ਇੱਕ ਰਸਮੀ ਸੰਚਾਰ ਦੀ ਉਡੀਕ ਕੀਤੀ ਜਾ ਰਹੀ ਹੈ।
ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਪ੍ਰਸਤਾਵ ਦਾ ਨਵਾਂ ਖਰੜਾ ਭੇਜਿਆ ਜਿਸ ‘ਚ ਸਪਸ਼ਟ ਕੀਤਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਕਮੇਟੀ ਵਿੱਚ ਐਸਕੇਐਮ ਦੇ ਮੈਂਬਰ ਸ਼ਾਮਲ ਹੋਣਗੇ ਅਤੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਦੀਆਂ ਸਰਕਾਰਾਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲੈਣਗੀਆਂ। ਇਸ ਦੇ ਨਾਲ ਹੀ ਦਿੱਲੀ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਲਏ ਜਾਣਗੇ।