ਚੰਡੀਗੜ੍ਹ, 11 ਦਸੰਬਰ 2021 – ਦੇਸ਼ਭਰ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾ ਲਈਆਂ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਦਿੱਲੀ ਮੋਰਚਾ ਫਤਿਹ ਕਰ ਚੁੱਕੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 17 ਦਸੰਬਰ ਨੂੰ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਅਸਲ ‘ਚ ਇਹ ਮੀਟਿੰਗ ਕਰਜ਼ ਮੁਆਫੀ ਦੇ ਮੁੱਦੇ ‘ਤੇ ਸੱਦੀ ਗਈ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਬਿਕ ਸਾਰਾ ਕਰਜ਼ਾ ਮੁਆਫੀ ਦੀ ਮੰਗ ਕਰ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ ਅਜੇ ਤੱਕ ਸਿਰਫ 2 ਲੱਖ ਤੱਕ ਦਾ ਹੀ ਕਰਜ਼ਾ ਮੁਆਫ ਕੀਤਾ ਗਿਆ ਸੀ। ਕਿਸਾਨ ਮੰਗ ਕਰ ਰਹੇ ਹਨ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰੇ। ਚੋਣਾਂ ਨੇੜੇ ਹਨ ਜਿਸ ਕਾਰਨ ਪੰਜਾਬ ਸਰਕਾਰ ਦੀਆਂ ਫਿਕਰਾਂ ਵਧ ਗਈਆਂ ਹਨ ਅਤੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ।
ਕਰੀਬ ਇੱਕ ਸਾਲ ਪਹਿਲਾਂ ਕੇਂਦਰ ਸਰਕਾਰ ਖਿਲਾਫ ਖੇਤੀ ਕਾਨੂੰਨਾਂ ਦੇ ਖਿਲਾਫ ਮੋਰਚਾ ਖੋਲ੍ਹਿਆ ਸੀ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਗਿਆ ਸੀ ਅਤੇ ਬਾਅਦ ‘ਚ ਲੋਕ ਸਭਾ ਅਤੇ ਰਾਜ ਸਭਾ ‘ਚ ਇਹ ਕਾਨੂੰਨ ਵਾਪਿਸ ਹੋਏ ਸਨ। ਹੁਣ ਬਾਕੀ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਨੇ ਆਪਣੇ ਘਰਾਂ ਨੂੰ ਚਾਲੇ ਪਾ ਦਿੱਤੇ ਹਨ। ਪੰਜਾਬ ‘ਚ ਹੁਣ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹਨ ਅਤੇ ਕਿਸਾਨ ਪਹਿਲਾਂ ਹੀ ਚੰਨੀ ਸਰਕਾਰ ਨੂੰ ਆਪਣੀ ਨੀਅਤ ਸਪੱਸ਼ਟ ਕਰ ਚੁੱਕੇ ਹਨ, ਜਿਸ ਨੂੰ ਲੈ ਕੇ ਚੰਨੀ ਵੱਲੋਂ ਕਿਸਾਨਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ 32 ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ।