ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਪਹਿਲੇ ਇੱਕ ਘੰਟੇ ਵਿੱਚ 5.21% ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਜਲੰਧਰ ਪੱਛਮੀ ਤੋਂ ਆਪਣੀ ਵੋਟ ਪਾਉਣ ਪਹੁੰਚੇ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਦਿੱਤੀ ਗਈ ਗਰੰਟੀ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਮੁਹੱਲਾ ਕਲੀਨਿਕ ਸ਼ੁਰੂ ਹੋ ਗਏ ਹਨ। ਸਰਕਾਰ ਨੇ ਇੱਕ ਸਾਲ ਵਿੱਚ ਦਮਦਾਰ ਤਰੀਕੇ ਨਾਲ ਕੰਮ ਕੀਤਾ ਹੈ। ਇਸ ਦੇ ਨਾਲ ਹੀ ਆਪਣੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ‘ਆਪ’ ਦਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ।
ਇਸ ਮੌਕੇ ਉਨ੍ਹਾਂ ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ 9 ਸਾਲਾਂ ‘ਚ ਸਾਰੇ ਆਪਣੇ ਫੰਡ ਦਾ ਸਾਰਾ ਪੈਸਾ ਫਿਲੌਰ ਵਿਧਾਨ ਸਭਾ ਵਿੱਚ ਲਗਾ ਦਿੱਤਾ ਤਾਂ ਜੋ ਪੁੱਤਰ ਵਿਕਰਮਜੀਤ ਚੌਧਰੀ ਦੇ ਸਿਆਸੀ ਕਰੀਅਰ ਨੂੰ ਮਜ਼ਬੂਤ ਕੀਤਾ ਜਾ ਸਕੇ।
ਦੱਸ ਦਈਏ ਕਿ ਜਲੰਧਰ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ 15 ਪੁਰਸ਼ ਅਤੇ 4 ਮਹਿਲਾ ਉਮੀਦਵਾਰ ਹਨ। ਮਹਿਲਾ ਉਮੀਦਵਾਰਾਂ ਵਿੱਚ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਪ੍ਰਮੁੱਖ ਹਨ, ਜਿਨ੍ਹਾਂ ਨੂੰ ਸੰਸਦ ਮੈਂਬਰ ਦੇ ਪਤੀ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ 9 ਵਿਧਾਨ ਸਭਾ ਹਲਕਿਆਂ ਵਾਲੀ ਇਸ ਲੋਕ ਸਭਾ ਸੀਟ ‘ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ‘ਤੇ ਜ਼ਿਲ੍ਹੇ ਦੇ 16 ਲੱਖ 21 ਹਜ਼ਾਰ ਵੋਟਰ ਨਵੇਂ ਸੰਸਦ ਮੈਂਬਰ ਦੀ ਚੋਣ ਕਰਨਗੇ | ਜਲੰਧਰ ਜ਼ਿਮਨੀ ਚੋਣ ਲਈ ਪੋਲਿੰਗ ਬੂਥ ਨੂੰ ਗੁਬਾਰਿਆਂ ਨਾਲ ਸਜਾਇਆ ਗਿਆ ਹੈ ਅਤੇ ਵੋਟਰਾਂ ਲਈ ਬਾਹਰ ਸੈਲਫੀ ਬੂਥ ਵੀ ਬਣਾਇਆ ਗਿਆ ਹੈ।


