ਐਤਵਾਰ ਨੂੰ ਮਾਨਸਾ ਵਿਚ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਤੋਂ ਬਾਅਦ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੂਬੇ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਗਰਮਾ ਗਈ ਹੈ। ਪੰਜਾਬ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਇਸ ਘਟਨਾ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੈ।
ਓਧਰ ਮੂਸੇਵਾਲਾ ਕਤਲੇਆਮ ‘ਤੇ ਮੁੱਖ ਮੰਤਰੀ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਸਰਕਾਰ ਜਾਂਚ ਵਿੱਚ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਡੀਜੀਪੀ ਦੇ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਹੈ। ਮੁੱਖ ਮੰਤਰੀ ਨੇ ਸੁਰੱਖਿਆ ਘਟਾਉਣ ਦੇ ਫੈਸਲੇ ‘ਤੇ ਵੀ ਜਾਂਚ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਮਾਨਸਾ ਦੇ ਪਿੰਡ ਮੂਸੇਵਾਲਾ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੇ ਬਾਹਰ ਪੁਲੀਸ ਤਾਇਨਾਤ ਕੀਤੀ ਗਈ ਹੈ। ਤਣਾਅਪੂਰਨ ਮਾਹੌਲ ਦਰਮਿਆਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮਾਨਸਾ ਦੇ ਸਿਵਲ ਹਸਪਤਾਲ ਦੇ ਬਾਹਰ ਲੋਕਾਂ ਵੱਲੋ ਧਰਨਾ ਦਿੱਤਾ ਗਿਆ ਅਤੇ ਬਾਜ਼ਾਰ ਵੀ ਬੰਦ ਕੀਤੇ ਗਏ ਹਨ। ਸਿੱਧੂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਇੱਥੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮਾਨਸਾ ਵਿੱਚ ਹਸਪਤਾਲ ਅਤੇ ਆਸਪਾਸ ਦੇ ਇਲਾਕੇ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਹੈ।












