ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿਖੇ ਪੁੱਜੇ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹੱਥ ਜੋੜ ਕੇ ਸ਼ਾਹ ਨੂੰ ਬੇਨਤੀ ਕੀਤੀ ਕਿ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਮੂਸੇਵਾਲਾ ਕਤਲ ਕੇਸ ਦੀ ਜਾਂਚ ਮੌਜੂਦਾ ਜੱਜ ਤੋਂ ਕਰਵਾਉਣ ਤੋਂ ਇਨਕਾਰ ਕਰ ਚੁੱਕਾ ਹੈ। ਮੂਸੇਵਾਲਾ ਦੇ ਪਿਤਾ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਭੇਜਿਆ ਸੀ। ਸਰਕਾਰ ਨੂੰ ਦਿੱਤੇ ਜਵਾਬ ‘ਚ ਕਿਹਾ ਗਿਆ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਅਜਿਹੇ ਮਾਮਲੇ ‘ਚ ਕਿਸੇ ਮੌਜੂਦਾ ਜੱਜ ਨੂੰ ਜਾਂਚ ਕਰਨ ਲਈ ਕਹੇ। ਇਸ ਤੋਂ ਇਲਾਵਾ ਜੱਜਾਂ ਦੀ ਕਮੀ ਅਤੇ ਪੈਂਡਿੰਗ ਕੇਸਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਫਿਲਹਾਲ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ। ਜਿਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਵੱਲੋਂ ਕੀਤੀ ਜਾ ਰਹੀ ਹੈ। ਇਸ ਵਿੱਚ ਆਈਜੀ ਜਸਕਰਨ ਸਿੰਘ, ਏਆਈਜੀ ਗੁਰਮੀਤ ਚੌਹਾਨ ਸਮੇਤ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ ਕੋਈ ਵੱਡਾ ਖੁਲਾਸਾ ਨਹੀਂ ਕਰ ਸਕੀ ਹੈ।












