ਨਵੀਂ ਦਿੱਲੀ, 11 ਦਸੰਬਰ 2021 – ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਰਾਜਸਭਾ ‘ਚ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਤੋਮਰ ਨੇ ਰਾਜਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੇ, ”ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਪ੍ਰਬੰਧ ਸੂਬਾ ਸਰਕਾਰਾਂ ਨਾਲ ਸਬੰਧਤ ਹੈ। ਅੰਦੋਲਨ ‘ਚ ਕਿਸੇ ਵੀ ਕਿਸਾਨ ਦੀ ਮੌਤ ਪੁਲਿਸ ਕਾਰਵਾਈ ਨਾਲ ਨਹੀਂ ਹੋਈ ਹੋਈ ਹੈ।”
ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਕਾਂਗਰਸ ਦੇ ਧੀਰਜ ਪ੍ਰਸਾਦ ਸਾਹੂ ਅਤੇ ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਵਲੋਂ ਸਾਂਝੇ ਰੂਪ ਵਿਚ ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸੰਬੰਧੀ ਸਵਾਲ ਪੁੱਛਿਆ ਗਿਆ ਸੀ, ਜਿਸ ਦੇ ਜਵਾਬ ‘ਚ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਇਹ ਜਵਾਬ ਦਿੱਤਾ ਸੀ।
ਹਾਲਾਂਕਿ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਵੀਰਵਾਰ ਨੂੰ ਅੰਦੋਲਨ ਮੁਲਤਵੀ ਕੀਤੇ ਜਾਣ ਤੋਂ ਬਾਅਦ ਅੱਜ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਆਪਣੇ ਘਰਾਂ ਵੱਲ ਨੂੰ ਕੂਚ ਕੀਤਾ ਹੋਇਆ ਹੈ।