ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਚੋਣਾਂ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਿਤਾ ਕੈਪਟਨ ਅਮਰਿੰਦਰ ਸਿੰਘ ਚੋਣ ਲੜਨਗੇ। ਜੈ ਇੰਦਰ ਕੌਰ ਨੇ ਕਿਹਾ ਕਿ ਅਗਾਮੀ ਚੋਣਾਂ ਦੇ ਨਤੀਜੇ ਸਾਰੀ ਸਥਿਤੀ ਤੈਅ ਕਰ ਦੇਣਗੇ ਕਿ ਅਜੇ ਵੀ ਪੰਜਾਬ ਦੀ ਜਨਤਾ ਉਨ੍ਹਾਂ ਦੇ ਪਿਤਾ ਦੇ ਨਾਲ ਹੈ।
ਜੈ ਇੰਦਰ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਖੋਲ੍ਹਣ ਮੌਕੇ ਕਰਵਾਏ ਸਮਾਗਮ ਵਿਚ ਹਿੱਸਾ ਲੈਣ ਆਏ ਸਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 9 ’ਚ ਪਾਰਟੀ ਦੇ ਦਫਤਰ ਦਾ ਸ਼ੁੱਭ ਆਰੰਭ ਕੀਤਾ ਹੈ। ਕੈਪਟਨ ਹੁਣ ਇਸੇ ਦਫਤਰ ਤੋਂ ਆਪਣੀਆਂ ਸਿਆਸੀ ਗਤੀਵਿਧੀਆਂ ਚਲਾਉਣਗੇ ਤੇ ਅਧਿਕਾਰਤ ਰੂਪ ’ਚ ਰਾਜਨੀਤੀ ’ਚ ਸਰਗਰਮੀ ਵਧਾਉਣਗੇ।