ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪੰਜਾਬ ਦੇ ਹਾਲਾਤਾਂ ਬਾਰੇ ਆਪਣੀ ਨਿਰਪੱਖ ਰਾਏ ਦੇਣ ਦਾ ਮਤਲਬ ਇਹ ਨਹੀਂ ਕਿ ਉਹ ਪਾਰਟੀ ਛੱਡ ਰਹੇ ਹਨ। ਇੱਥੇ ਮਹਾਨ ਸਪਿਨਰ ਮਰਹੂਮ ਬਿਸ਼ਨ ਸਿੰਘ ਬੇਦੀ ਦੀ ਜ਼ਿੰਦਗੀ ’ਤੇ ਆਧਾਰਿਤ ਪੁਸਤਕ ਦੇ ਰਿਲੀਜ਼ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਣਾ ਉਨ੍ਹਾਂ ਦਾ ਨੈਤਿਕ ਫ਼ਰਜ਼ ਅਤੇ ਜ਼ਿੰਮੇਵਾਰੀ ਹੈ।
ਪੰਜਾਬ ਵਿੱਚ ਪਾਰਟੀ ਦੀ ਰਣਨੀਤੀ ਤੈਅ ਕਰਨ ਸਮੇਂ ਭਾਜਪਾ ਹਾਈਕਮਾਂਡ ਵੱਲੋਂ ਸਲਾਹ ਨਾ ਲਏ ਜਾਣ ਤੋਂ ਅਸੰਤੁਸ਼ਟ ਨਜ਼ਰ ਆ ਰਹੇ ਕੈਪਟਨ ਨੇ ਕਿਹਾ ਕਿ ਉਹ ਪਿਛਲੇ 60 ਸਾਲਾਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਹਨ। ਉਨ੍ਹਾਂ ਗਿਲਾ ਜ਼ਾਹਰ ਕਰਦਿਆਂ ਕਿਹਾ, “ਕੁਝ ਲੋਕ ਸਾਡੇ ਤੋਂ ਬਾਅਦ ਪਾਰਟੀ ਵਿੱਚ ਆਏ ਹਨ, ਜਿਨ੍ਹਾਂ ਨੂੰ ਅਜੇ ਇੱਕ ਸਾਲ ਵੀ ਨਹੀਂ ਹੋਇਆ। ਅਸੀਂ ਇੰਨੇ ਸਾਲਾਂ ਵਿੱਚ ਪੰਜਾਬ ਦੇ ਉਤਾਰ-ਚੜ੍ਹਾਅ ਦੇਖੇ ਹਨ, ਪਰ ਸਾਡੇ ਨਾਲ ਕੋਈ ਸਲਾਹ-ਮਸ਼ਵਰਾ ਤੱਕ ਨਹੀਂ ਕੀਤਾ ਜਾਂਦਾ। ਇਸ ਲਈ ਪਾਰਟੀ ਨੂੰ ਆਪਣੇ ਵਿਚਾਰਾਂ ਅਤੇ ਭਾਵਨਾਵਾਂ ਤੋਂ ਜਾਣੂ ਕਰਵਾਉਣਾ ਮੇਰਾ ਫ਼ਰਜ਼ ਬਣਦਾ ਹੈ।”
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਚੋਣਾਂ ਜਿੱਤਣ ਲਈ ਭਾਜਪਾ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਦੋਬਾਰਾ ਗਠਜੋੜ ਕਰਨ ਦੀ ਲਗਾਤਾਰ ਵਕਾਲਤ ਕਰਦੇ ਆ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਕਦੇ ਇਹ ਨਹੀਂ ਕਿਹਾ ਕਿ ਉਹ ਕਾਂਗਰਸ ਜਾਂ ਭਾਜਪਾ ਵਿੱਚ ਨੋਨ-ਰੇਲੇਵੈਂਟ ਹੋ ਗਏ ਹਨ। ਉਨ੍ਹਾਂ ਕਿਹਾ, “ਸਿਆਸੀ ਪਾਰਟੀਆਂ ਬਦਲਦੀਆਂ ਰਹਿੰਦੀਆਂ ਹਨ। ਜਦੋਂ ਮੈਂ ਕਾਂਗਰਸ ਵਿੱਚ ਸੀ, ਉਦੋਂ ਵੀ ‘ਅਪਰੇਸ਼ਨ ਬਲੂ ਸਟਾਰ’ ਤੋਂ ਬਾਅਦ ਅਕਾਲੀ ਦਲ ਵਿੱਚ ਗਿਆ ਸੀ ਅਤੇ ਬਾਅਦ ਵਿੱਚ ਮੁੜ ਕਾਂਗਰਸ ਵਿੱਚ ਵਾਪਸ ਆਇਆ। ਪਰ ਇਸ ਦਾ ਇਹ ਮਤਲਬ ਬਿਲਕੁਲ ਨਹੀਂ ਹੈ ਕਿ ਮੈਂ ਹੁਣ ਭਾਜਪਾ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਜਾ ਰਿਹਾ ਹਾਂ।”












