ਨਵੀਂ ਦਿੱਲੀ, 9 ਦਸੰਬਰ 2021 – ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਇਸ ਸੰਬੰਧੀ ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸੰਬੰਧੀ ਅਧਿਕਾਰਤ ਪੱਤਰ ਵੀ ਭੇਜ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਜਿੱਤ ਮਗਰੋਂ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਵਾਪਸ ਘਰਾਂ ਨੂੰ ਪਰਤਣਗੇ। ਸੂਤਰਾਂ ਮੁਤਾਬਕ 11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ। ਇਸ ਦਾ ਐਲਾਨ ਅੱਜ ਸਿੰਘੂ ਮੋਰਚੇ ‘ਤੇ ਕੀਤਾ ਜਾਵੇਗਾ। ਸਾਰੇ ਕਿਸਾਨ ਸ਼ੰਭੂ ਬਾਰਡਰ ਤੱਕ ਇਕੱਠੇ ਆਉਣਗੇ, ਉਸ ਤੋਂ ਬਾਅਦ ਆਪਣੇ-ਆਪਣੇ ਘਰਾਂ ਨੂੰ ਚਲੇ ਜਾਣਗੇ। 13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ।
ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ, ਜਿਸ ਵਿਚ ਸਾਰੇ ਰਾਜਾਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ/ਕੇਂਦਰੀ ਸਰਕਾਰ ਦੀਆਂ ਏਜੰਸੀਆਂ ਆਦਿ ਵਿੱਚ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਦਰਜ ਕੀਤੇ ਗਏ ਅੰਦੋਲਨ ਸੰਬੰਧੀ ਸਾਰੇ ਕੇਸ ਵਾਪਸ ਲਏ ਜਾਣਗੇ, ਅੰਦੋਲਨ ਦੌਰਾਨ ਮਾਰੇ ਗਏ ਅੰਦੋਲਨਕਾਰੀ ਕਿਸਾਨਾਂ ਦੇ ਸਾਰੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਪਰਾਲੀ ਸਾੜਨ ਦੇ ਮਾਮਲੇ ਵਿੱਚ ਕਿਸਾਨਾਂ ਦੀ ਕੋਈ ਅਪਰਾਧਿਕ ਜ਼ਿੰਮੇਵਾਰੀ ਨਹੀਂ ਹੋਵੇਗੀ, ਸਰਕਾਰ ਬਿਜਲੀ ਸੋਧ ਬਿੱਲ ‘ਤੇ ਸੰਸਦ ਵਿੱਚ ਚਰਚਾ ਕਰਨ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ/ਕਿਸਾਨਾਂ ਨਾਲ ਚਰਚਾ ਕਰੇਗੀ,, ਐਮਐਸਪੀ ‘ਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਦਿੱਲੀ ਬਾਰਡਰ ‘ਤੇ ਇਕ ਸਾਲ 14 ਦਿਨਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਅੱਜ ਸ਼ਾਮ ਨੂੰ ਖਤਮ ਹੋ ਜਾਵੇਗਾ। ਇਸ ਦੇ ਲਈ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਬਣ ਚੁੱਕੀ ਹੈ। ਉਨ੍ਹਾਂ ਨੂੰ ਮੰਗਾਂ ਮਨਵਾਉਣ ਲਈ ਅਧਿਕਾਰਤ ਪੱਤਰ ਵੀ ਮਿਲ ਗਿਆ ਹੈ। ਸ਼ਾਮ 5.30 ਵਜੇ ਸਟੇਜ ਤੋਂ ਮੋਰਚਾ ਫਤਹਿ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ ਸਿੰਘੂ ਸਰਹੱਦ ‘ਤੇ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਵਾਪਸੀ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।