ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਅੱਜ (ਬੁੱਧਵਾਰ) ਖਤਮ ਹੋ ਗਈ ਹੈ। ਪੁਲਿਸ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਹਨੀ ਦੀ 20 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ੀ ਹੋਈ ਸੀ। ਅਦਾਲਤ ਨੇ ਹਨੀ ਨੂੰ ਕੋਈ ਰਾਹਤ ਨਾ ਦਿੰਦਿਆਂ ਉਸ ਨੂੰ 4 ਮਈ ਤੱਕ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਵਾਰ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਗੈਰ-ਕਾਨੂੰਨੀ ਮਾਈਨਿੰਗ ਕਰਕੇ ਪੈਸੇ ਹੜੱਪਣ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਪਕੜ ‘ਚ ਆਏ ਹਨੀ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਅੱਜ ਮੁੜ ਸੁਣਵਾਈ ਹੋਵੇਗੀ। ਜ਼ਮਾਨਤ ਪਟੀਸ਼ਨ ‘ਤੇ ਪਿਛਲੀ ਸੁਣਵਾਈ 2 ਮਈ ਨੂੰ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਹਨੀ ਦੇ ਘਰੋਂ ਬਰਾਮਦ 10 ਕਰੋੜ ਬਾਰੇ ਵੱਡਾ ਖੁਲਾਸਾ ਕੀਤਾ ਸੀ। ਈਡੀ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਪੁੱਛਗਿੱਛ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਨੇ ਮੰਨਿਆ ਸੀ ਕਿ ਉਸ ਨੇ ਪੈਸੇ ਲਏ ਸਨ। ਮਾਈਨਿੰਗ ਵਿਭਾਗ ਵਿੱਚ ਹੀ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਲਈ ਮਾਈਨਿੰਗ ਮਾਫੀਆ ਦੇ ਲੋਕਾਂ ਤੋਂ ਇਹ ਰਕਮ ਵਸੂਲੀ ਗਈ ਸੀ।












