ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਲਈ ਹੈ। ਇਸ ਦੌਰਾਨ ਦੋਹਾਂ ਵਿਚਾਲੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਹੋਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਮਾਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਇਸ ਦੌਰਾਨ ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲਾਂ ਵਿੱਚ 50-50 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਗਈ ਹੈ। ਅਸੀਂ ਖਜ਼ਾਨਾ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਦੁਬਾਰਾ ਖਜਾਨਾ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਮਾਨ ਨੇ ਕਿਹਾ ਕਿ ਜੇਕਰ ਸਾਨੂੰ ਘੱਟੋ-ਘੱਟ 2 ਸਾਲ ਲਈ ਵਿਸ਼ੇਸ਼ ਪੈਕੇਜ ਮਿਲਦਾ ਹੈ ਤਾਂ ਉਦੋਂ ਤੱਕ ਅਸੀਂ ਆਪਣੀ ਵਿੱਤੀ ਸਥਿਤੀ ਨੂੰ ਸੰਭਾਲ ਲਵਾਂਗੇ। ਪੰਜਾਬ ਆਪਣੇ ਪੈਰਾਂ 'ਤੇ ਖੜ੍ਹਾ ਹੋਵੇਗਾ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿੱਤ ਮੰਤਰੀ ਨਾਲ ਗੱਲ ਕਰਕੇ ਸਾਡਾ ਸਹਿਯੋਗ ਕਰਨਗੇ।












