ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਐਤਵਾਰ ਨੂੰ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ-2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਇਸ ਤਹਿਤ ਸ਼ਹਿਰ ਵਿੱਚ ਅੰਸ਼ਕ ਕਰਫਿਊ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ ਦੇ ਡੀਸੀ ਅਤੇ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੂਰੇ ਮੈਚ ਦੌਰਾਨ ਚੰਡੀਗੜ੍ਹ ਸ਼ਹਿਰ ਵਿੱਚ ਕਿਸੇ ਵੀ ਜਨਤਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ। ਮੈਚ ਤੋਂ ਪਹਿਲਾਂ, ਮੈਚ ਦੇ ਦੌਰਾਨ ਜਾਂ ਬਾਅਦ ਵਿਚ ਪਟਾਕੇ ਚਲਾਉਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਹੁਕਮਾਂ ‘ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ‘ਚ ਖੁੱਲ੍ਹੀਆਂ ਥਾਵਾਂ ‘ਤੇ ਵੱਡੀਆਂ ਸਕਰੀਨਾਂ ਲਗਾ ਕੇ ਮੈਚ ਦਿਖਾਉਣ ‘ਤੇ ਪੂਰਨ ਪਾਬੰਦੀ ਹੋਵੇਗੀ । ਕਾਰ ਵਿੱਚ ਵੀ ਉੱਚੀ ਆਵਾਜ਼ ਵਿੱਚ ਸੰਗੀਤ ਜਾਂ ਢੋਲ ਆਦਿ ਨਹੀਂ ਵਜਾਇਆ ਜਾਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸ਼ਾਮ ਨੂੰ ਹੀ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਸ ਐਡਵਾਈਜ਼ਰੀ ਵਿੱਚ ਪੁਲਿਸ ਨੇ ਆਮ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ।












