ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ।
ਉਨ੍ਹਾਂ ਨੇ ਚੰਡੀਗੜ੍ਹ ਅਦਾਲਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 210 ਅਤੇ 222 ਤਹਿਤ ਸ਼ਿਕਾਇਤ ਦਰਜ ਕਰਵਾਈ ਹੈ, ਜੋ ਕਿ ਭਾਰਤੀ ਨਿਆਇਕ ਸੰਹਿਤਾ (BNS), 2023 ਦੀ ਧਾਰਾ 356 ਅਧੀਨ ਆਉਂਦੇ ਅਪਰਾਧ ਨਾਲ ਸਬੰਧਤ ਹੈ। ਆਪਣੀ ਸ਼ਿਕਾਇਤ ਵਿੱਚ ਉਨ੍ਹਾਂ ਦੱਸਿਆ ਕਿ ਉਹ ਇੱਕ ਯੋਗ ਮੈਡੀਕਲ ਪੇਸ਼ੇਵਰ ਹਨ ਅਤੇ ਸਮਾਜ ਵਿੱਚ ਉਨ੍ਹਾਂ ਦਾ ਇੱਕ ਚੰਗਾ ਰੁਤਬਾ ਤੇ ਵੱਕਾਰ ਹੈ।
ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਵੱਲੋਂ ਲਗਾਏ ਗਏ ਬੇਬੁਨਿਆਦ ਦੋਸ਼ਾਂ ਨਾਲ ਉਨ੍ਹਾਂ ਦੇ ਚਰਿੱਤਰ ਅਤੇ ਸ਼ੋਹਰਤ ਨੂੰ ਨਾ ਸਿਰਫ਼ ਸਮਾਜਿਕ ਤੌਰ ’ਤੇ ਸਗੋਂ ਵਿਅਕਤੀਗਤ ਤੌਰ ’ਤੇ ਵੀ ਅਜਿਹਾ ਵੱਡਾ ਘਾਟਾ ਪਹੁੰਚਿਆ ਹੈ, ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ।
Advertisement
ਉਨ੍ਹਾਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਵਿਰੁੱਧ ਝੂਠੀ ਮੁਹਿੰਮ ਛੇੜੀ ਹੈ। 1 ਸਤੰਬਰ, 2026 ਨੂੰ ਚੰਡੀਗੜ੍ਹ ਵਿੱਚ ਕੀਤੀ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਬੇਬੁਨਿਆਦ ਅਤੇ ਝੂਠੇ ਬਿਆਨ ਦਿੰਦਿਆਂ ਦੋਸ਼ ਲਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਆਪਣੇ ਇੱਕ ਰਿਸ਼ਤੇਦਾਰ ਰਾਹੀਂ ਜਬਰ-ਜਨਾਹ ਵਰਗੇ ਗੰਭੀਰ ਅਪਰਾਧ ਦੇ ਮੁਲਜ਼ਮ ਨੂੰ ਬਚਾਉਣ ਲਈ ਸਰਕਾਰੀ ਤੰਤਰ ਨੂੰ ਪ੍ਰਭਾਵਿਤ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।
ਇਸ ਪ੍ਰੈੱਸ ਕਾਨਫਰੰਸ ਦੌਰਾਨ ਝੂਠੀਆਂ ਆਡੀਓ ਰਿਕਾਰਡਿੰਗਾਂ, ਤਸਵੀਰਾਂ ਅਤੇ ਸੀ.ਸੀ.ਟੀ.ਵੀ. ਫੁਟੇਜ ਦਿਖਾ ਕੇ ਇਹ ਦਾਅਵਾ ਕੀਤਾ ਗਿਆ ਸੀ ਕਿ ਸ਼ਿਕਾਇਤਕਰਤਾ ਦੇ ਨਜ਼ਦੀਕੀ ਪੈਸਿਆਂ ਦੇ ਲੈਣ-ਦੇਣ ਵਿੱਚ ਸ਼ਾਮਲ ਹਨ।
ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੇ ਆਪਣੇ ਬਿਆਨਾਂ ਵਿੱਚ ਉਨ੍ਹਾਂ ਨੂੰ ਖਾਸ ਤੌਰ ’ਤੇ ਨਿਸ਼ਾਨਾ ਬਣਾਇਆ ਹੈ। ਇੱਕ ਔਰਤ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪੈਸਿਆਂ ਦੀ ਖਾਤਰ ਜਬਰ-ਜਨਾਹ ਦੇ ਮੁਲਜ਼ਮ ਦੀ ਮਦਦ ਕਰਨ ਵਾਲੀ ਵਜੋਂ ਪੇਸ਼ ਕੀਤਾ ਗਿਆ ਹੈ। ਇਹਨਾਂ ਝੂਠੇ ਦੋਸ਼ਾਂ ਨਾਲ ਉਨ੍ਹਾਂ ਦੇ ਅਕਸ, ਸ਼ਾਨ ਅਤੇ ਨਿੱਜੀ ਪਛਾਣ ਨੂੰ ਡੂੰਘੀ ਠੇਸ ਪੁੱਜੀ ਹੈ।
ਉਨ੍ਹਾਂ ਨੇ ਅਦਾਲਤ ਅੱਗੇ ਅਪੀਲ ਕੀਤੀ ਹੈ ਕਿ ਮੁਲਜ਼ਮਾਂ ਨੂੰ ਅਪਰਾਧਿਕ ਮਾਣਹਾਨੀ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਤਲਬ ਕੀਤਾ ਜਾਵੇ ਅਤੇ ਬੀ.ਐੱਨ.ਐੱਸ. ਦੀ ਧਾਰਾ 356 ਤਹਿਤ ਸਜ਼ਾ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇੱਕ ਵੱਖਰੇ ਮਾਮਲੇ ਵਿੱਚ ਸਿਵਲ ਜੱਜ (ਜੂਨੀਅਰ ਡਵੀਜ਼ਨ) ਡਾ. ਪ੍ਰੀਕਸ਼ਿਤ ਦੀ ਅਦਾਲਤ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ’ਤੇ ਅਗਲੇ ਹੁਕਮਾਂ ਤੱਕ ਸੋਸ਼ਲ ਮੀਡੀਆ ਜਾਂ ਕਿਸੇ ਵੀ ਹੋਰ ਮਾਧਿਅਮ ’ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਕੋਈ ਵੀ ਅਣ-ਪ੍ਰਮਾਣਿਤ ਅਤੇ ਮਾਣਹਾਨੀਯੋਗ ਸਮੱਗਰੀ ਪ੍ਰਕਾਸ਼ਿਤ ਜਾਂ ਸ਼ੇਅਰ ਕਰਨ ’ਤੇ ਅੰਤਰਿਮ ਰੋਕ ਲਗਾਈ ਹੋਈ ਹੈ।












