ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ ਯਾਦਵ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹਾਈਕੋਰਟ ਦੇ ਫੈਸਲੇ ਦੇ ਬਾਅਦ ਹੁਣ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਦੁਬਾਰਾ ਨਾਮਜ਼ਦਗੀ ਪੱਤਰ ਭਰੇ ਜਾਣਗੇ। ਅਜੇ ਤਕ ਆਮ ਆਦਮੀ ਪਾਰਟੀ ਵੱਲੋਂ ਮੇਅਰ ਲਈ ਉਮੀਦਵਾਰ ਦਾ ਐਲਾਨ ਵੀ ਨਹੀਂ ਕੀਤਾ ਗਿਆ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ 24 ਜਨਵਰੀ ਨੂੰ ਕਰਾਉਣ ਦੀ ਚੰਡੀਗੜ੍ਹ ਪ੍ਰਸ਼ਾਸਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜਸਟਿਸ ਸੁਰੇਸ਼ਵਰ ਠਾਕੁਰ ਤੇ ਜਸਟਿਸ ਵਿਕਾਸ ਸੂਰੀ ਦੀ ਬੈਂਟ ਨੇ 29 ਜਨਵਰੀ ਦੇ ਬਾਅਦ ਮੇਅਰ ਚੋਣ ਕਰਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਹ ਨਿਰਦੇਸ਼ ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਚੰਡੀਗੜ੍ਹ ਦੇ ਮੌਜੂਦਾ ਇਹ ਮੇਅਰ ਕੁਲਦੀਪ ਕੁਮਾਰ ਧਲੋੜ ਵੱਲੋਂ ਦਾਇਰ ਪਟੀਸ਼ਨ ‘ਤੇ ਆਇਆ ਹੈ, ਜਿਸ ਨੇ ਬੇਨਤੀ ਕੀਤੀ ਸੀ ਕਿ ਮੇਅਰ ਦੀਆਂ ਚੋਣਾਂ ਫਰਵਰੀ ‘ਚ ਕਰਵਾਈਆਂ ਜਾਣ ਤਾਂ ਜੋ ਉਹ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਕਰ ਸਕਣ। ਉਨ੍ਹਾਂ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਈ ਕਦਮ ਚੁੱਕਣ ਦੀ ਵੀ ਅਪੀਲ ਕੀਤੀ।