ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈਣ ਮਗਰੋਂ ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਗਈ ਹੈ। ਵੋਟਿੰਗ ਤੋਂ ਬਾਅਦ ਮਸ਼ੀਨਾਂ ਦੀ ਸੁਰੱਖਿਆ ਕੇਂਦਰੀ ਸੁਰੱਖਿਆ ਬਲਾਂ ਨੂੰ ਸੌਂਪ ਦਿੱਤੀ ਗਈ ਹੈ। ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸਟਰਾਂਗ ਰੂਮਾਂ ਦੇ ਅੰਦਰ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਅਤੇ ਬਾਹਰ ਪੰਜਾਬ ਪੁਲੀਸ ਦਾ ਸਖ਼ਤ ਪਹਿਰਾ ਹੈ। ਇਹ ਸੁਰੱਖਿਆ ਪ੍ਰਣਾਲੀ 24 ਘੰਟੇ ਰਹੇਗੀ, ਉਮੀਦਵਾਰਾਂ ਤੋਂ ਇਲਾਵਾ ਕਿਸੇ ਨੂੰ ਵੀ ਸਟਰਾਂਗ ਰੂਮ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੈ।
ਉਹ ਵੀ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਹੀ ਜਾ ਸਕਦੇ ਹਨ। ਇੱਥੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਅਤੇ ਇਨ੍ਹਾਂ ਦੀ 24 ਘੰਟੇ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਖਦਸ਼ਾ ਹੋਣ ਦੀ ਸੂਰਤ ਵਿੱਚ ਉਸ ਦੀ ਵੀਡੀਓ ਚੈੱਕ ਕੀਤੀ ਜਾ ਸਕੇ। ਇਸ ਦੀ ਲਾਈਵ ਵੀਡੀਓ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਦੇਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀ ਖੁਦ ਇਸ ਦਾ ਜਾਇਜ਼ਾ ਲਿਆ ਹੈ।












